ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਹਫ਼ਤਾਵਾਰੀ ਮੀਟਿੰਗਾਂ ਦਾ ਸਿਲਸਿਲਾ ਜਾਰੀ

Jiya Nagpal
3 Min Read

ਮਾਲੇਰਕੋਟਲਾ, 6 ਜੁਲਾਈ:                 ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਹਫ਼ਤਾਵਾਰੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਉਠਾਏ ਗਏ ਵਿਕਾਸ ਅਤੇ ਵਪਾਰਕ ਮੁੱਦਿਆਂ ਦੀ ਵਿਸਥਾਰ ਨਾਲ ਸਮੀਖਿਆ ਕਰਕੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ।

ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨੂੰ ਬਿਹਤਰ ਅਤੇ ਵਪਾਰ-ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਦੀ ਵਚਨਬੱਧ ਦੁਰਾਉਂਦੀਆਂ ਕਿਹਾ ਕਿ ਵਪਾਰੀਆਂ ਵੱਲੋਂ ਉਠਾਏ ਜਾਂਦੇ ਜਾਇਜ਼ ਮੁੱਦਿਆਂ ਅਤੇ ਸ਼ਿਕਾਇਤਾਂ ਦਾ ਪਾਰਦਰਸ਼ੀ, ਸਮਾਂਬੱਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ ਹਫ਼ਤਾਵਾਰੀ ਸਮੀਖਿਆ ਮੀਟਿੰਗਾਂ ਨਿਯਮਿਤ ਤੌਰ ‘ਤੇ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸਿਰਫ਼ ਸ਼ਿਕਾਇਤਾਂ ਪ੍ਰਾਪਤ ਕਰਨਾ ਨਹੀਂ, ਸਗੋਂ ਸਬੰਧਤ ਵਿਭਾਗਾਂ ਰਾਹੀਂ ਉਨ੍ਹਾਂ ਦਾ ਨਿਰਧਾਰਿਤ ਸਮਾਂ-ਸੀਮਾ ਅੰਦਰ ਹੱਲ ਕਰਵਾ ਕੇ ਵਪਾਰਕ ਭਾਈਚਾਰੇ ਨੂੰ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ।

ਮੀਟਿੰਗ ਦੌਰਾਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ, ਸ਼ਹਿਰੀ ਵਿਕਾਸ, ਕਾਨੂੰਨ-ਵਿਵਸਥਾ, ਸਫ਼ਾਈ ਅਤੇ ਹੋਰ ਵਪਾਰ ਨਾਲ ਸਬੰਧਤ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਕਈ ਲੰਬਿਤ ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ, ਜਦਕਿ ਬਾਕੀ ਮਾਮਲਿਆਂ ਲਈ ਸਬੰਧਤ ਵਿਭਾਗਾਂ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਕਾਰਵਾਈ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਕੰਮਾਂ ਵਿੱਚ ਕਿਸੇ ਕਿਸਮ ਦੀ ਪ੍ਰਸ਼ਾਸਕੀ ਜਾਂ ਤਕਨੀਕੀ ਰੁਕਾਵਟ ਹੈ, ਉਸ ਨੂੰ ਤੁਰੰਤ ਦੂਰ ਕਰਕੇ ਵਿਕਾਸ ਕਾਰਜਾਂ ਨੂੰ ਗਤੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਮਲਿਆਂ ਦੀ ਨਿਰੰਤਰ ਨਿਗਰਾਨੀ ਲਈ ਸੀਨੀਅਰ ਪ੍ਰਸ਼ਾਸਕੀ ਪੱਧਰ ‘ਤੇ ਫਾਲੋ-ਅੱਪ ਮੀਟਿੰਗਾਂ ਨਿਯਮਿਤ ਤੌਰ ‘ਤੇ ਕੀਤੀਆਂ ਜਾਣਗੀਆਂ, ਤਾਂ ਜੋ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਜ਼ਿਲ੍ਹਾ ਟਰੇਡਰਜ਼ ਕਮਿਸ਼ਨ, ਮਾਲੇਰਕੋਟਲਾ ਦੇ ਚੇਅਰਪਰਸਨ ਆਜ਼ਮ ਦਾਰਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ ਇਹ ਹਫ਼ਤਾਵਾਰੀ ਪਹਿਲ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੇਜ਼ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਇੱਕ ਸਾਰਥਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਪਾਰਕ ਭਾਈਚਾਰੇ ਅਤੇ ਪ੍ਰਸ਼ਾਸਨ ਵਿਚਕਾਰ ਆਪਸੀ ਤਾਲਮੇਲ ਹੋਰ ਮਜ਼ਬੂਤ ਹੋ ਰਿਹਾ ਹੈ।

ਇਸ ਮੌਕੇ ਚੇਅਰਪਰਸਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਇਮਤਿਆਜ਼ ਅਲੀ, ਚੇਅਰਪਰਸਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ, ਐਸ.ਡੀ.ਐਮ. ਅਹਿਮਦਗੜ੍ਹ/ਅਮਰਗੜ੍ਹ ਰਾਕੇਸ਼ ਕੁਮਾਰ ਸ਼ਰਮਾ, ਡੀ.ਐਸ.ਪੀ. ਮਾਨਵਜੀਤ ਸਿੰਘ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਰਿਜਨਲ ਟਰਾਂਸਪੋਰਟ ਅਫਸਰ ਕਰਨਬੀਰ ਸਿੰਘ, ਸਹਾਇਕ ਟਰਾਂਸਟੋਰਟ ਅਫਸਰ ਸਹਿਨਾਜ ਪਰਵੀਨ, ਈ.ਟੀ.ਓ. ਨਛੱਤਰ ਸਿੰਘ, ਕਰ ਅਤੇ ਆਬਕਾਰੀ ਇਸਪੈਕਟਰ ਦਲਜੀਤ ਸਿੰਘ,ਏ.ਐਮ.ਈ ਨਰਿੰਦਰ ਕੁਮਾਰ ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ/ਅਮਰਗੜ੍ਹ ਅਸ਼ੀਸ਼ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *