ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਸਮਾਪਤ-ਗਗਨਦੀਪ ਸਿੰਘ ਧਾਲੀਵਾਲ

Jiya Nagpal
2 Min Read

ਫ਼ਰੀਦਕੋਟ, 6 ਜੁਲਾਈ: ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਸਮਾਪਤ ਹੋ ਗਈ ਹੈ। ਸਫ਼ਾਈ ਸੇਵਕਾਂ ਦੀ ਮਈ ਅਤੇ ਜੂਨ ਮਹੀਨੇ ਦੀ ਤਨਖ਼ਾਹ ਜਾਰੀ ਹੋਣ ਉਪਰੰਤ ਉਨ੍ਹਾਂ ਭਲਕੇ ਤੋਂ ਮੁੜ ਆਪਣੀਆਂ ਡਿਊਟੀਆਂ ਸੰਭਾਲਣ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਫ਼ਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਸਬੰਧਤ ਅਧਿਕਾਰੀਆਂ ਅਤੇ ਸਫ਼ਾਈ ਸੇਵਕਾਂ ਨਾਲ ਲਗਾਤਾਰ ਤਾਲਮੇਲ ਬਣਾ ਕੇ ਮਾਮਲੇ ਦਾ ਹੱਲ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੇ ਕੰਮ ‘ਤੇ ਪਰਤਣ ਨਾਲ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਮੁੜ ਸੁਚਾਰੂ ਹੋਵੇਗੀ ਅਤੇ ਨਗਰ ਕੌਂਸਲ ਵੱਲੋਂ ਸਾਰੇ ਵਾਰਡਾਂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾ ਕੇ ਹੜਤਾਲ ਦੌਰਾਨ ਪ੍ਰਭਾਵਿਤ ਹੋਏ ਸਫ਼ਾਈ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕੀਤਾ ਜਾਵੇਗਾ।

ਚੇਅਰਮੈਨ ਸ. ਧਾਲੀਵਾਲ ਨੇ ਸਫ਼ਾਈ ਸੇਵਕਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਉਹ ਪਹਿਲਾਂ ਵਾਂਗ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਤਾਂ ਜੋ ਫ਼ਰੀਦਕੋਟ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

Share This Article
Leave a comment

Leave a Reply

Your email address will not be published. Required fields are marked *