ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 55 ਕਰੋੜ ਦੀ ਹੈਰੋਇਨ ਕਾਬੂ

Jiya Nagpal
2 Min Read

ਅੰਮ੍ਰਿਤਸਰ, 12 ਜੁਲਾਈ : ਸਰਹੱਦੀ ਇਲਾਕੇ ਵਿੱਚ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਵਲਟੋਹਾ ਪੁਲੀਸ ਨੇ ਬੀ ਐੱਸ ਐੱਫ (BSF) ਦੇ ਜਵਾਨਾਂ ਨਾਲ ਸਾਂਝੇ ਅਪਰੇਸ਼ਨ ਦੌਰਾਨ ਡਰੋਨ ਰਾਹੀਂ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿੱਚ ਸੁੱਟੀ ਗਈ ਲਗਪਗ 11 ਕਿੱਲੋ ਹੈਰੋਇਨ ਬਰਾਮਦ ਕਰ ਲਈ। ਕੌਮਾਂਤਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਕਰੀਬ 55 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਬੀਤੀ ਦੇਰ ਰਾਤ ਥਾਣਾ ਵਲਟੋਹਾ ਦੀ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਲਾਖਣਾ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਪੁੱਤਰ ਬਲੀ ਸਿੰਘ ਦੀਆਂ ਬਹਿਕਾਂ ਨੇੜੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਸ਼ੱਕੀ ਪੈਕਟ ਸੁੱਟੇ ਗਏ ਹਨ। ਸੂਚਨਾ ਮਿਲਦੇ ਹੀ ਥਾਣਾ ਮੁਖੀ ਸਬ-ਇੰਸਪੈਕਟਰ ਵਿਪਨ ਕੁਮਾਰ ਨੇ ਪੁਲੀਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਬੀ ਐੱਸ ਐੱਫ (BSF) ਦੇ ਜਵਾਨਾਂ ਨਾਲ ਸਾਂਝਾ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਤਲਾਸ਼ੀ ਦੌਰਾਨ ਖੇਤਾਂ ਵਿੱਚੋਂ ਇੱਕ ਪਲਾਸਟਿਕ ਦਾ ਬੋਰਾ ਅਤੇ ਕੁਝ ਖੁੱਲ੍ਹੇ ਪੈਕਟ ਬਰਾਮਦ ਹੋਏ। ਜਦੋਂ ਇਨ੍ਹਾਂ ਪੈਕਟਾਂ ਦੀ ਜਾਂਚ ਅਤੇ ਤੋਲ ਕੀਤਾ ਗਿਆ, ਤਾਂ ਉਨ੍ਹਾਂ ਵਿੱਚੋਂ ਕੁੱਲ 10 ਕਿੱਲੋ 900 ਗ੍ਰਾਮ ਹੈਰੋਇਨ ਮਿਲੀ।
ਪੁਲੀਸ ਨੇ ਤੁਰੰਤ ਨਸ਼ੀਲੇ ਪਦਾਰਥ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਬੂਤ ਇਕੱਠੇ ਕੀਤੇ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮਾਮਲੇ ਵਿੱਚ ਥਾਣਾ ਵਲਟੋਹਾ ਵਿਖੇ ਅਣਪਛਾਤੇ ਨਸ਼ਾ ਤਸਕਰਾਂ ਖ਼ਿਲਾਫ਼ ਐੱਨ ਡੀ ਪੀ ਐੱਸ (NDPS) ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹਨ ਕਿ ਇਹ ਖੇਪ ਕਿਸ ਲਈ ਭੇਜੀ ਗਈ ਸੀ ਅਤੇ ਇਸ ਦੇ ਪਿੱਛੇ ਕਿਹੜਾ ਤਸਕਰੀ ਨੈੱਟਵਰਕ ਸਰਗਰਮ ਹੈ। ਨਾਲ ਹੀ, ਡਰੋਨ ਦੇ ਰੂਟ ਅਤੇ ਇਸ ਨਾਲ ਜੁੜੇ ਹੋਰ ਸਬੂਤਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Share This Article
Leave a comment

Leave a Reply

Your email address will not be published. Required fields are marked *