ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

Jiya Nagpal
3 Min Read

ਚੰਡੀਗੜ੍ਹ/ਅੰਮ੍ਰਿਤਸਰ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਂਡ ਗ੍ਰਨੇਡ, 9 ਐਮ.ਐਮ. ਗਲਾਕ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੁਮਿਤ ਕੁਮਾਰ ਉਰਫ਼ ਪੰਡਿਤ (24) ਵਜੋਂ ਹੋਈ ਹੈ, ਜੋ ਰੂਪਨਗਰ ਦੇ ਪਿੰਡ ਸੁਖਸਾਲ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਪੰਡੋਰੀ ਵੜੈਚ ਵਿਖੇ ਰਹਿ ਰਿਹਾ ਸੀ। ਹੈਂਡ ਗ੍ਰਨੇਡ ਅਤੇ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੰਸਟਾਗ੍ਰਾਮ ਰਾਹੀਂ ਸਰਹੱਦ ਪਾਰ ਦੇ ਆਈ.ਐਸ.ਆਈ. ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਉਸ ਨੂੰ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਲਈ ਪੁਲਿਸ ਅਦਾਰਿਆਂ ਅਤੇ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਤੇ ਹੈਂਡਲਰਾਂ ਦੀ ਪਛਾਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਖੁਫ਼ੀਆ ਜਾਣਕਾਰੀ ਅਤੇ ਤਕਨੀਕੀ ਨਿਗਰਾਨੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸੁਮਿਤ ਕੁਮਾਰ ਉਰਫ਼ ਪੰਡਿਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਸ਼ੁਰੂ ਵਿੱਚ ਉਸ ਦੇ ਕਬਜ਼ੇ ਵਿੱਚੋਂ ਇੱਕ ਗਲਾਕ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਬਰਾਮਦ ਹੋਏ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੇ ਖੁਲਾਸਿਆਂ ਦੇ ਅਧਾਰ ‘ਤੇ ਪੁਲਿਸ ਟੀਮਾਂ ਨੇ ਇੱਕ ਹੋਰ ਹੈਂਡ ਗ੍ਰਨੇਡ ਬਰਾਮਦ ਕੀਤਾ, ਜਿਸ ਨਾਲ ਉਕਤ ਮੁਲਜ਼ਮ ਦੇ ਸਰਹੱਦ ਪਾਰ ਦੇ ਹੈਂਡਲਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਅਤੇ ਇੱਕ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਅਪਰਾਧਕ ਪਿਛੋਕੜ ਦੀ ਹੋਰ ਪੜਤਾਲ ਤੋਂ ਪਤਾ ਲੱਗਾ ਹੈ ਕਿ ਉਸ ਖਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਅਪਰਾਧਕ ਮਾਮਲਾ ਦਰਜ ਹੈ।
ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਕੈਂਟ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6,7,8), ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113 ਅਤੇ ਵਿਸਫੋਟਕ ਐਕਟ ਦੀਆਂ ਧਾਰਾਵਾਂ 4 ਅਤੇ 5 ਤਹਿਤ ਐਫ.ਆਈ.ਆਰ. ਨੰਬਰ 109 ਮਿਤੀ 21.06.2026 ਦਰਜ ਹੈ।

Share This Article
Leave a comment

Leave a Reply

Your email address will not be published. Required fields are marked *