ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਵੱਲੋਂ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ; ਸਕੂਲ ਬੱਸਾਂ ਦੀ ਵੀ ਕੀਤੀ ਵਿਸ਼ੇਸ਼ ਚੈਕਿੰਗ

Jiya Nagpal
2 Min Read

ਭਵਾਨੀਗੜ੍ਹ, 17 ਜੁਲਾਈ: ਜ਼ਿਲ੍ਹਾ ਸੰਗਰੂਰ ਵਿੱਚ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਮਨਜੀਤ ਕੌਰ, ਪੀ.ਸੀ.ਐਸ., ਦੀ ਅਗਵਾਈ ਵਿੱਚ ਭਵਾਨੀਗੜ੍ਹ–ਪਟਿਆਲਾ ਸੜਕ ‘ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਓਵਰਲੋਡ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਦਰਜਨ ਤੋਂ ਵੱਧ ਵਾਹਨਾਂ ਦੇ ਚਲਾਨ ਕੀਤੇ ਗਏ।

ਇਸ ਤੋਂ ਇਲਾਵਾ ਰੀਜਨਲ ਟਰਾਂਸਪੋਰਟ ਅਫ਼ਸਰ ਵੱਲੋਂ ਵੱਖ-ਵੱਖ ਸਕੂਲਾਂ ਦੇ ਕੈਂਪਸ ਵਿੱਚ ਜਾ ਕੇ ਸਕੂਲ ਬੱਸਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ, ਫਸਟ ਏਡ ਬਾਕਸ, ਫਾਇਰ ਐਕਸਟਿੰਗਵਿਸ਼ਰ, ਸਪੀਡ ਗਵਰਨਰ, ਸੀ.ਸੀ.ਟੀ.ਵੀ. ਕੈਮਰੇ, ਜੀ.ਪੀ.ਐਸ. ਸਮੇਤ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਲਾਜ਼ਮੀ ਸੁਰੱਖਿਆ ਮਾਪਦੰਡਾਂ ਦੀ ਪੜਤਾਲ ਕੀਤੀ ਗਈ।

ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਨੇ ਸਕੂਲ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਮੁਕੰਮਲ ਰੂਪ ਵਿੱਚ ਲਾਗੂ ਕੀਤਾ ਜਾ ਰਿਹਾ ਹੈ ਅਤੇ ਜਿਨ੍ਹਾਂ ਸਕੂਲਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਵੇਗੀ, ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਚਲਾਨ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦਾ ਮੁੱਖ ਉਦੇਸ਼ ਸੜਕ ਹਾਦਸਿਆਂ ਨੂੰ ਰੋਕਣਾ ਅਤੇ ਵਿਦਿਆਰਥੀਆਂ ਲਈ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣਾ ਹੈ। ਇਸ ਲਈ ਓਵਰਲੋਡ ਵਾਹਨਾਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਵਿਰੁੱਧ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਨਿਯਮਤ ਤੌਰ ‘ਤੇ ਜਾਰੀ ਰਹਿਣਗੀਆਂ।

ਰੀਜਨਲ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਚੈਕਿੰਗ ਮੁਹਿੰਮ ਤਹਿਤ ਸਕੂਲ ਬੱਸਾਂ ਦੀ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਵਿਦਿਆਰਥੀਆਂ ਨੂੰ ਸੁਰੱਖਿਅਤ ਅਤੇ ਨਿਯਮਾਂ ਅਨੁਸਾਰ ਆਵਾਜਾਈ ਦੀ ਸਹੂਲਤ ਮਿਲ ਸਕੇ।

ਇਸ ਮੌਕੇ ਸਹਾਇਕ ਟਰਾਂਸਪੋਰਟ ਅਫ਼ਸਰ ਗੁਰਜੀਤ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਨੇ ਵੀ ਵਾਹਨ ਮਾਲਕਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਟਰੈਫਿਕ ਨਿਯਮਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕੀਤੀ।

Share This Article
Leave a comment

Leave a Reply

Your email address will not be published. Required fields are marked *