ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਸਰਕਾਰ ਪੱਧਰ ’ਤੇ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਵਿਚਾਰ ਚਰਚਾ: ਸਪੀਕਰ ਸੰਧਵਾਂ

Jiya Nagpal
4 Min Read

ਕੋਟਕਪੂਰਾ, 8 ਅਗਸਤ  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦੇ ਬਾਹਰ ਕਿਸਾਨਾਂ ਵੱਲੋਂ ਧਰਨਾ ਲਗਾਉਣ ਸਬੰਧੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨ ਆਗੂਆਂ ਵੱਲੋਂ ਆਪਣੀਆਂ ਮੰਗਾਂ ਅਤੇ ਮਸਲੇ ਵਿਸਥਾਰ ਨਾਲ ਰੱਖੇ ਗਏ, ਜਿਨ੍ਹਾਂ ’ਤੇ ਸਕਾਰਾਤਮਕ ਮਾਹੌਲ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨ ਆਗੂਆਂ ਨਾਲ ਅੱਜ ਦੀ ਗੱਲਬਾਤ ਬਹੁਤ ਹੀ ਸਕਾਰਾਤਮਕ ਅਤੇ ਉਸਾਰੂ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਵੱਲੋਂ ਆਪਣੇ ਮਸਲੇ ਬੜੇ ਦਲੀਲ ਢੰਗ ਨਾਲ ਸਰਕਾਰ ਦੇ ਧਿਆਨ ਵਿੱਚ ਲਿਆਂਦੇ ਗਏ ਹਨ ਅਤੇ ਇਨ੍ਹਾਂ ਮਸਲਿਆਂ ਨੂੰ ਸਰਕਾਰ ਦੇ ਪੱਧਰ ’ਤੇ ਵਿਚਾਰਿਆ ਜਾ ਰਿਹਾ ਹੈ।

ਸ. ਸੰਧਵਾਂ ਨੇ ਕਿਹਾ ਕਿ ਜਿਹੜੇ ਮਸਲੇ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ, ਉਨ੍ਹਾਂ ਸਬੰਧੀ ਉਹ ਬਣਦੀ ਕਾਰਵਾਈ ਕਰਨਗੇ ਅਤੇ ਜਿਹੜੇ ਮਾਮਲੇ ਸਰਕਾਰ ਦੇ ਪੱਧਰ ਤੇ ਵਿਚਾਰੇ ਜਾਣੇ ਹਨ, ਉਨ੍ਹਾਂ ਨੂੰ ਉਹ ਖੁਦ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਨਾਲ ਲਗਾਤਾਰ ਗੱਲਬਾਤ ਜਾਰੀ ਰੱਖੀ ਜਾਵੇਗੀ।

ਹਰੀਨੌਂ ਵਿਖੇ ਵਾਪਰੀ ਮੰਦਭਾਗੀ ਘਟਨਾ ਸਬੰਧੀ ਗੱਲ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਕਤ ਪਰਿਵਾਰ ਦੀ ਪਹਿਲਾਂ ਵੀ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਮਦਦ ਕੀਤੀ ਜਾਂਦੀ ਰਹੀ ਹੈ ਅਤੇ ਅੱਗੇ ਵੀ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਜੋ ਵਾਅਦਾ ਕੀਤਾ ਗਿਆ ਸੀ, ਉਸ ’ਤੇ ਉਹ ਕਾਇਮ ਹਨ ਅਤੇ ਉਸ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਮਾਮਲੇ ਤਹਿਤ ਦਿੱਤੀ ਜਾਣ ਵਾਲੀ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪਹਿਲਾਂ ਹੀ ਪਰਿਵਾਰ ਦੇ ਖਾਤੇ ਵਿੱਚ ਟਰਾਂਸਫਰ ਕੀਤੀ ਜਾ ਚੁੱਕੀ ਹੈ ਅਤੇ ਪਰਿਵਾਰ ਨੂੰ ਇਸ ਰਾਸ਼ੀ ਦੀ ਅਦਾਇਗੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੀਤੀ ਅਤੇ ਨਿਯਮਾਂ ਅਨੁਸਾਰ ਆਉਣ ਵਾਲੇ ਸਮੇਂ ਵਿੱਚ ਜਿਹੜੀ ਵੀ ਹੋਰ ਸਹਾਇਤਾ ਪਰਿਵਾਰ ਨੂੰ ਮਿਲਣਯੋਗ ਹੋਵੇਗੀ, ਉਹ ਵੀ ਯਕੀਨੀ ਬਣਾਉਣ ਲਈ ਯਤਨ ਕੀਤੇ ਜਾਣਗੇ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜੇਕਰ ਕਿਸੇ ਨੀਤੀ ਵਿੱਚ ਸੋਧ ਦੀ ਲੋੜ ਮਹਿਸੂਸ ਹੁੰਦੀ ਹੈ ਤਾਂ ਇਸ ਸਬੰਧੀ ਵੀ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ, ਤਾਂ ਜੋ ਯੋਗ ਪਰਿਵਾਰਾਂ ਨੂੰ ਬਣਦੀ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਦੇ ਪੱਧਰ ਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪੂਰੀ ਗੰਭੀਰਤਾ ਨਾਲ ਪਹੁੰਚਾਇਆ ਜਾਵੇਗਾ ਅਤੇ ਮਸਲਿਆਂ ਦਾ ਹੱਲ ਆਪਸੀ ਗੱਲਬਾਤ ਰਾਹੀਂ ਕੱਢਣ ਨੂੰ ਤਰਜੀਹ ਦਿੱਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਸਾਨ ਆਗੂਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਸਬੰਧਤ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਉਠਾਏ ਗਏ ਮਾਮਲਿਆਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਵਰਗ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ ਜਾ ਰਿਹਾ ਹੈ ਅਤੇ ਕਿਸੇ ਵੀ ਮਸਲੇ ਦਾ ਹੱਲ ਆਪਸੀ ਗੱਲਬਾਤ ਅਤੇ ਕਾਨੂੰਨੀ ਪ੍ਰਕਿਰਿਆ ਰਾਹੀਂ ਕੱਢਣ ਨੂੰ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਸਲਿਆਂ ਸਬੰਧੀ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਸ਼ਾਂਤੀਪੂਰਨ ਢੰਗ ਨਾਲ ਆਪਣੀ ਗੱਲ ਰੱਖਣ।

ਮੀਟਿੰਗ ਵਿੱਚ ਐਸ.ਐਸ.ਪੀ. ਮੋਗਾ ਸ੍ਰੀ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ, ਐਸ.ਪੀ. ਸ੍ਰੀ ਯੋਗੇਸ਼ਵਰ ਸਿੰਘ ਗੋਰਾਇਆ, ਐਸ.ਡੀ.ਐਮ. ਕੋਟਕਪੂਰਾ ਸ੍ਰੀ ਰਾਜਿੰਦਰ ਸਿੰਘ, ਤਹਿਸੀਲਦਾਰ ਸ੍ਰੀ ਪਰਮਿੰਦਰ ਸਿੰਘ ਅਤੇ ਡੀ.ਐਸ.ਪੀ. ਸ੍ਰੀ ਸੰਜੀਵ ਕੁਮਾਰ ਸਮੇਤ ਹੋਰ ਅਧਿਕਾਰੀ ਅਤੇ ਕਿਸਾਨ ਆਗੂ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *