ਸਪੀਕਰ ਸੰਧਵਾਂ ਨੇ ਪਿੰਡ ਚੰਦਬਾਜਾ ਵਿਖੇ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਦਾ ਉਦਘਾਟਨ ਕੀਤਾ

Jiya Nagpal
3 Min Read

ਕੋਟਕਪੂਰਾ, 17 ਅਗਸਤ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਚੰਦਬਾਜਾ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਬਣਾਈ ਗਈ ਪਾਈਪ ਲਾਈਨ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸਪੀਕਰ ਸ. ਸੰਧਵਾਂ ਦਾ ਸਵਾਗਤ ਕੀਤਾ ਗਿਆ ਅਤੇ ਵਿਕਾਸ ਕਾਰਜ ਲਈ ਧੰਨਵਾਦ ਪ੍ਰਗਟ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਿੰਡਾਂ ਵਿੱਚ ਮੀਂਹ ਦਾ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਪਿੰਡ ਚੰਦਬਾਜਾ ਵਿਖੇ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਦਾ ਕੰਮ ਕਰਵਾਇਆ ਗਿਆ ਹੈ। ਇਸ ਨਾਲ ਪਾਣੀ ਦੀ ਨਿਕਾਸੀ ਸੁਚਾਰੂ ਹੋਵੇਗੀ ਅਤੇ ਪਿੰਡ ਵਾਸੀਆਂ ਨੂੰ ਲੰਬੇ ਸਮੇਂ ਤੋਂ ਆ ਰਹੀ ਸਮੱਸਿਆ ਤੋਂ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਵਿਕਾਸ ਦਾ ਅਸਲ ਮੰਤਵ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਹੈ। ਇਸੇ ਉਦੇਸ਼ ਤਹਿਤ ਸੜਕਾਂ, ਗਲੀਆਂ, ਨਾਲੀਆਂ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਪਾਣੀ ਦੀ ਨਿਕਾਸੀ ਸਮੇਤ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਲੋੜ ਅਨੁਸਾਰ ਵਿਕਾਸ ਕਾਰਜਾਂ ਨੂੰ ਪੜਾਅਵਾਰ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਵਿਕਾਸ ਕਾਰਜਾਂ ਦੀ ਸਾਂਭ-ਸੰਭਾਲ ਵਿੱਚ ਆਪਣਾ ਸਹਿਯੋਗ ਦੇਣ ਅਤੇ ਪਿੰਡ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਹੀ ਪਿੰਡਾਂ ਨੂੰ ਹੋਰ ਬਿਹਤਰ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਪਿੰਡ ਵਾਸੀਆਂ ਦੀਆਂ ਹੋਰ ਸਮੱਸਿਆਵਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਕਿਹਾ।
ਇਸ ਮੌਕੇ ਸਰਪੰਚ ਸ. ਅਬੈਜੀਤ ਸਿੰਘ ਢਿੱਲੋਂ, ਸ. ਰਵੀ ਬਰਾੜ, ਸ. ਗੁਰਪ੍ਰੀਤ ਸਿੰਘ ਚੰਦਬਾਜਾ, ਸ. ਸਰੂਪ ਸਿੰਘ, ਸ. ਜਗਰੂਪ ਸਿੰਘ, ਸ. ਭਿੰਦਾ ਸਿੰਘ ਢਿੱਲੋਂ, ਸ. ਸ਼ਿੰਦਾ ਸਿੰਘ ਢਿੱਲੋਂ, ਸ. ਗੁਰਲਾਲ ਸਿੰਘ ਢਿੱਲੋਂ, ਸ. ਭਗਵਾਨ ਸਿੰਘ, ਸ. ਅਮਰਜੀਤ ਸਿੰਘ ਬਰਾੜ, ਰਾਜੂ ਬਰਾੜ ਅਤੇ ਹੋਰ ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *