ਮਾਵਾਂ-ਧੀਆਂ ਸਤਿਕਾਰ ਯੋਜਨਾ: ਜ਼ਿਲ੍ਹੇ ਵਿੱਚ 53.22 ਕਰੋੜ ਰੁਪਏ ਦੀ ਰਾਸ਼ੀ ਔਰਤਾਂ ਦੇ ਖਾਤਿਆਂ ਵਿਚ ਪਾਈ: ਮੀਤ ਹੇਅਰ

Jiya Nagpal
2 Min Read

ਬਰਨਾਲਾ, 18 ਅਗਸਤ-          ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਹੁਣ ਤਕ 53.22 ਕਰੋੜ ਰੁਪਏ ਦੀ ਰਾਸ਼ੀ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਯੋਜਨਾ ਦੇ ਪਹਿਲੇ ਅਤੇ ਦੂਜੇ ਪੜਾਅ ਨੂੰ ਮਿਲਾ ਕੇ ਹੁਣ ਤੱਕ ਜ਼ਿਲ੍ਹਾ ਬਰਨਾਲਾ ਦੀਆਂ ਕੁੱਲ 1,55,591 ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ 53 ਕਰੋੜ 22 ਲੱਖ 85 ਹਜ਼ਾਰ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।
ਓਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਆਰਥਿਕ ਅਤੇ ਸਮਾਜਿਕ ਮਜ਼ਬੂਤੀ ਲਈ ਇਕ ਵੱਡਾ ਕਦਮ ਚੁੱਕਦਿਆਂ ਇਹ ਸਕੀਮ ਸ਼ੁਰੂ ਕੀਤੀ ਗਈ ਹੈ ਜੋ ਕਿ ਜਾਰੀ ਰਹੇਗੀ। ਓਹਨਾਂ ਕਿਹਾ ਕਿ ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬਧ ਹੈ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ  ਸ੍ਰੀਮਤੀ ਰਤਿੰਦਰ ਕੌਰ ਧਾਰੀਵਾਲ ਨੇ ਸਪੱਸ਼ਟ ਕੀਤਾ ਕਿ ਇਸ ਸਕੀਮ ਤਹਿਤ ਲਾਭਪਾਤਰੀ ਦੀ ਉਮਰ ਘੱਟੋ-ਘੱਟ 18 ਸਾਲ ਜਾਂ ਇਸ ਤੋਂ ਵੱਧ ਹੋਣੀ ਲਾਜ਼ਮੀ ਹੈ। ਉਹ ਕਿਸੇ ਵੀ ਸਰਕਾਰੀ ਵਿਭਾਗ, ਬੋਰਡ, ਕਾਰਪੋਰੇਸ਼ਨ ਜਾਂ ਸਰਕਾਰੀ ਅਦਾਰੇ ਵਿੱਚ ਨੌਕਰੀ ਨਾ ਕਰਦੀ ਹੋਵੇ ਅਤੇ ਨਾ ਹੀ ਸੇਵਾ-ਮੁਕਤ ਪੈਨਸ਼ਨਰ ਹੋਵੇ। ਬਿਨੈਕਾਰ ਨੇ ਪਿਛਲੇ ਵਿੱਤੀ ਵਰ੍ਹੇ ਦੌਰਾਨ ਆਮਦਨ ਕਰ ਨਾ ਭਰਿਆ ਹੋਵੇ।ਓਹਨਾਂ ਕਿਹਾ ਕਿ ਲਾਭਪਾਤਰੀ ਖ਼ੁਦ ਜਾਂ ਉਸ ਦਾ ਪਤੀ ਮੌਜੂਦਾ/ਸਾਬਕਾ ਸੰਸਦ ਮੈਂਬਰ, ਵਿਧਾਇਕ ਜਾਂ ਕਿਸੇ ਹੋਰ ਸੰਵਿਧਾਨਕ/ਚੁਣੇ ਹੋਏ ਅਹੁਦੇ ‘ਤੇ ਨਾ ਹੋਵੇ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੇ ਸਵੈ-ਮਾਣ, ਆਰਥਿਕ ਸੁਤੰਤਰਤਾ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਇੱਕ ਕ੍ਰਾਂਤੀਕਾਰੀ ਕਦਮ ਹੈ। ਪੰਜਾਬ ਸਰਕਾਰ ਦੀ ਵਚਨਬੱਧਤਾ ਹੈ ਕਿ ਇਸ ਯੋਜਨਾ ਦਾ ਲਾਭ ਹਰ ਇੱਕ ਹੱਕਦਾਰ ਅਤੇ ਲੋੜਵੰਦ ਮਹਿਲਾ ਤੱਕ ਪੂਰੀ ਪਾਰਦਰਸ਼ਤਾ ਨਾਲ ਸਮੇਂ ਸਿਰ ਪਹੁੰਚੇ। ਇਸ ਵਾਸਤੇ ਵਿਭਾਗ ਲਗਾਤਾਰ ਯਤਨਸ਼ੀਲ ਹੈ।

Share This Article
Leave a comment

Leave a Reply

Your email address will not be published. Required fields are marked *