ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਤੀਬਾੜੀ ਵਿਭਾਗ ਵੱਲੋਂ ਮੁਫ਼ਤ ਫਲਦਾਰ ਤੇ ਫੁੱਲਦਾਰ ਬੂਟਿਆਂ ਦੀ ਵੰਡ

Jiya Nagpal
0 Min Read

ਮਾਲੇਰਕੋਟਲਾ, 20 ਅਗਸਤ:                     ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ  ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਾਲੇਰਕੋਟਲਾ ਅਤੇ ਅਮਰਗੜ੍ਹ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਸੰਭਾਲ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਬਲਾਕ ਮਾਲੇਰਕੋਟਲਾ ਅਤੇ ਅਮਰਗੜ੍ਹ  ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਨੂੰ ਫਲਦਾਰ ਅਤੇ ਫੁੱਲਦਾਰ ਬੂਟੇ ਮੁਫ਼ਤ ਵੰਡੇ ਗਏ। ਇਸ ਉਪਰਾਲੇ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਰੁੱਖ ਲਗਾਉਣ ਲਈ ਪ੍ਰੇਰਿਤ ਕਰਨਾ ਅਤੇ ਪੇਂਡੂ ਖੇਤਰਾਂ ਵਿੱਚ ਹਰਿਆਵਲ ਦਾ ਘੇਰਾ ਵਧਾਉਣਾ ਹੈ। ਵਿਭਾਗ ਵੱਲੋਂ ਕਿਸਾਨਾਂ ਅਤੇ ਲੋਕਾਂ ਨੂੰ ਬੂਟੇ ਮੁਹੱਈਆ ਕਰਵਾਉਂਦਿਆਂ ਉਨ੍ਹਾਂ ਨੂੰ ਆਪਣੇ ਘਰਾਂ, ਖੇਤਾਂ ਅਤੇ ਆਲੇ-ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ ਗਿਆ।

ਖੇਤੀਬਾੜੀ ਵਿਕਾਸ ਅਫ਼ਸਰ ਮਾਲੇਰੋਕਟਲਾ ਸਤਿੰਦਰ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਾਪਤ ਕੀਤੇ ਬੂਟਿਆਂ ਦੀ ਨਿਯਮਤ ਦੇਖਭਾਲ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਰੁੱਖ ਸਿਰਫ਼ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਤੱਕ ਸੀਮਿਤ ਨਹੀਂ, ਸਗੋਂ ਸਾਫ਼ ਹਵਾ, ਮਿੱਟੀ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਨ ਯਕੀਨੀ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਾਨੂੰ ਮਨੁੱਖਤਾ, ਸੇਵਾ ਅਤੇ ਕੁਦਰਤ ਪ੍ਰਤੀ ਜ਼ਿੰਮੇਵਾਰੀ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਵਾਤਾਵਰਨ ਸੰਭਾਲ ਨਾਲ ਜੋੜਦਿਆਂ ਚਲਾਈ ਗਈ ਇਹ ਮੁਹਿੰਮ ਸਮਾਜ ਵਿੱਚ ‘ਹਰ ਵਿਅਕਤੀ ਇੱਕ ਰੁੱਖ ਦੀ ਭਾਵਨਾ ਨੂੰ ਮਜ਼ਬੂਤ ਕਰਨ ਵੱਲ ਇੱਕ ਸਾਰਥਕ ਕਦਮ ਹੈ।

ਉਨ੍ਹਾਂ ਜ਼ਿਲ੍ਹੇ ਦੀ ਅਵਾਮ ਨੂੰ ਅਪੀਲ ਕੀਤੀ ਗਈ ਕਿ ਉਹ ਖੁਦ ਬੂਟੇ ਲਗਾਉਣ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ, ਗੁਆਂਢੀਆਂ ਅਤੇ ਹੋਰ ਲੋਕਾਂ ਨੂੰ ਵੀ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕਰਨ। ਇਸ ਨਾਲ ਪਿੰਡਾਂ ਵਿੱਚ ਹਰਿਆਵਲ ਵਧਾਉਣ ਦੇ ਨਾਲ ਵਾਤਾਵਰਨ ਪ੍ਰਤੀ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਵੀ ਮਜ਼ਬੂਤ ਹੋਵੇਗੀ।

ਖੇਤੀਬਾੜੀ ਵਿਭਾਗ ਨੇ ਅਧਿਕਾਰੀਆਂ  ਕਿਹਾ ਕਿ ਹਰਿਆ-ਭਰਿਆ ਵਾਤਾਵਰਨ ਹੀ ਸਿਹਤਮੰਦ ਸਮਾਜ ਅਤੇ ਸੁੰਦਰ ਭਵਿੱਖ ਦੀ ਮਜ਼ਬੂਤ ਨੀਂਹ ਹੈ। ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟਾ ਵੰਡ ਮੁਹਿੰਮ ਰਾਹੀਂ ਦਿੱਤਾ ਗਿਆ ਇਹ ਸੁਨੇਹਾ ਕੁਦਰਤ ਦੀ ਸੰਭਾਲ, ਵਾਤਾਵਰਨ ਦੀ ਸੁਰੱਖਿਆ ਅਤੇ ਟਿਕਾਊ ਵਿਕਾਸ ਲਈ ਸਮੂਹਿਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਦਾ ਹੈ।

Share This Article
Leave a comment

Leave a Reply

Your email address will not be published. Required fields are marked *