ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਹਰਜੋਤ ਬੈਂਸ ਹੋਏ ਨਤਮਸਤਕ

Jiya Nagpal
3 Min Read
ਨੂਰਪੁਰ ਬੇਦੀ 21 ਅਗਸਤ: ਧੰਨ-ਧੰਨ ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਦੇ ਪਵਿੱਤਰ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਨੂਰਪੁਰ ਬੇਦੀ ਵਿਖੇ ਸਥਿਤ ਪਾਵਨ ਅਸਥਾਨ ਗੁ: ਪੀਰ ਬਾਬਾ ਜਿੰਦਾ ਸ਼ਹੀਦ ਜੀ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਸਲਾਨਾ ਜੋੜ ਮੇਲੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਪਾਵਨ ਅਸਥਾਨ ’ਤੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੀ ਵਿਰਾਸਤ ਅਤੇ ਆਸਥਾ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੀਰ ਬਾਬਾ ਜਿੰਦਾ ਸ਼ਹੀਦ ਜੀ ਦੀ ਪਾਵਨ ਯਾਦ ਨਾਲ ਜੁੜਿਆ ਇਹ ਅਸਥਾਨ ਸੰਗਤਾਂ ਲਈ ਅਥਾਹ ਸ਼ਰਧਾ ਅਤੇ ਵਿਸ਼ਵਾਸ ਦਾ ਕੇਂਦਰ ਹੈ। ਸਲਾਨਾ ਜੋੜ ਮੇਲੇ ਮੌਕੇ ਇੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਧਰਤੀ ਹੈ, ਜਿੱਥੇ ਲੋਕ ਧਰਮ ਅਤੇ ਆਸਥਾ ਤੋਂ ਪ੍ਰੇਰਣਾ ਲੈ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਪ੍ਰਾਪਤ ਕਰਦੇ ਹਨ। ਉਨ੍ਹਾਂ ਨੇ ਮੇਲੇ ਦੇ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਵਾਲੀਆਂ ਸਮੂਹ ਸੰਸਥਾਵਾਂ, ਸੇਵਾਦਾਰਾਂ ਅਤੇ ਸੰਗਤਾਂ ਦੀ ਸ਼ਲਾਘਾ ਕੀਤੀ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਇਹੀ ਅਰਦਾਸ ਕਰਦੇ ਹਨ ਕਿ ਪੀਰ ਬਾਬਾ ਜੀ ਸਮੁੱਚੀ ਸੰਗਤ ’ਤੇ ਆਪਣਾ ਮਿਹਰਾਂ ਭਰਿਆ ਹੱਥ ਹਮੇਸ਼ਾ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਨੂੰ ਤੰਦਰੁਸਤੀ, ਖੁਸ਼ੀਆਂ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਵਾਲਾ ਜੀਵਨ ਪ੍ਰਾਪਤ ਹੋਵੇ ਅਤੇ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਾ ਅਤੇ ਸਦਭਾਵਨਾ ਹੋਰ ਮਜ਼ਬੂਤ ਹੋਵੇ। ਉਨ੍ਹਾਂ ਨੇ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਨਾਲ ਜੁੜ ਕੇ ਮਨੁੱਖਤਾ ਦੀ ਸੇਵਾ ਕਰਨ ਅਤੇ ਸਮਾਜ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਧਾਰਮਿਕ ਅਤੇ ਇਤਿਹਾਸਕ ਅਸਥਾਨ ਸਾਡੀ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਦੀ ਸੰਭਾਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸਮੁੱਚੀਆਂ ਸੰਗਤਾਂ ਨੂੰ ਮੁੜ ਸਲਾਨਾ ਜੋੜ ਮੇਲੇ ਦੀ ਵਧਾਈ ਦਿੰਦਿਆਂ ਪੀਰ ਬਾਬਾ ਜਿੰਦਾ ਸ਼ਹੀਦ ਜੀ ਅੱਗੇ ਸਮੂਹ ਪੰਜਾਬ ਵਾਸੀਆਂ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪੀਰ ਬਾਬਾ ਜਿੰਦਾ ਸ਼ਹੀਦ ਜੀ ਦੀ ਕਿਰਪਾ ਸਦਕਾ ਹਰ ਘਰ ਵਿੱਚ ਖੁਸ਼ਹਾਲੀ ਹੋਵੇ ਅਤੇ ਪੰਜਾਬ ਹਮੇਸ਼ਾ ਤਰੱਕੀ ਤੇ ਚੜ੍ਹਦੀ ਕਲਾ ਵਿੱਚ ਰਹੇ।
Share This Article
Leave a comment

Leave a Reply

Your email address will not be published. Required fields are marked *