ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲਾਂ ਦੀਆਂ ਵੈਨਾਂ ਦੀ ਚੈਕਿੰਗ

Jiya Nagpal
3 Min Read

ਬਰਨਾਲਾ, 21 ਅਗਸਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ (ਆਈ.ਏ.ਐਸ.) ਦੀ ਰਹਿਨੁਮਾਈ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਸ਼੍ਰੀਮਤੀ ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿੱਚ ‘ਸੇਫ ਸਕੂਲ ਵਾਹਨ ਪਾਲਿਸੀ’ ਤਹਿਤ ਸਕੂਲੀ ਬੱਸਾਂ ਅਤੇ ਵੈਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਇਸ ਮੁਹਿੰਮ ਤਹਿਤ ਚੈਕਿੰਗ ਦੌਰਾਨ 13 ਸਕੂਲੀ ਬੱਸਾਂ ਅਜਿਹੀਆਂ ਪਾਈਆਂ ਗਈਆਂ ਜੋ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਜਿਸ ਕਾਰਨ ਮੌਕੇ ‘ਤੇ ਹੀ ਉਨ੍ਹਾਂ ਦੇ ਚਲਾਨ ਕੱਟੇ ਗਏ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋਂ ਸਮੇਂ-ਸਮੇਂ ‘ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਡਰਾਈਵਰਾਂ ਨੂੰ ਪਾਲਿਸੀ ਦੀਆਂ ਹਦਾਇਤਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲੀ ਵਾਹਨਾਂ ਵਿੱਚਸੀ.ਸੀ.ਟੀ.ਵੀ. ਕੈਮਰੇ, ਖਿੜਕੀਆਂ ‘ਤੇ ਲੋਹੇ ਦੀਆਂ ਗਰਿੱਲਾਂ, ਫਸਟ ਏਡ ਬਾਕਸ, ਲੇਡੀ ਕੰਡਕਟਰ ਦੀ ਮੌਜੂਦਗੀ, ਅੱਗ ਬੁਝਾਊ ਯੰਤਰ, ਡਰਾਈਵਰ ਦਾ ਵੈਧ ਲਾਇਸੈਂਸ ਆਦਿ ਪ੍ਰਬੰਧ ਹੋਣੇ ਲਾਜ਼ਮੀ ਹਨ।

ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਕਈ ਵਾਰ ਸਕੂਲ ਪ੍ਰਿੰਸੀਪਲਾਂ ਵੱਲੋਂ ਇਹ ਕਹਿ ਕੇ ਪੱਲਾ ਝਾੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਸਕੂਲ ਦੀ ਆਪਣੀ ਕੋਈ ਵੈਨ ਨਹੀਂ ਹੈ ਅਤੇ ਸਾਰੀਆਂ ਵੈਨਾਂ ਪ੍ਰਾਈਵੇਟ ਕੰਟਰੈਕਟਰਾਂ ਵੱਲੋਂ ਚਲਾਈਆਂ ਜਾ ਰਹੀਆਂ ਹਨ। ਪ੍ਰਸ਼ਾਸਨ ਵੱਲੋਂ ਸਖ਼ਤ ਤਾੜਨਾ ਕੀਤੀ ਗਈ ਹੈ ਕਿ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਬੱਚਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਮੁੱਖ ਜ਼ਿੰਮੇਵਾਰੀ ਸਕੂਲ ਮੈਨੇਜਮੈਂਟ ਦੀ ਹੀ ਹੈ। ਇਸ ਲਈ ਇਹ ਮੈਨੇਜਮੈਂਟ ਦੀ ਨਿੱਜੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਠੇਕੇ ‘ਤੇ ਚੱਲਣ ਵਾਲੀਆਂ ਵੈਨਾਂ ਨੂੰ ਵੀ ਪਾਲਿਸੀ ਤਹਿਤ ਢੁੱਕਵਾਂ ਬਣਾਉਣ।

ਟੀਮ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਥ੍ਰੀ-ਵ੍ਹੀਲਰ ਜਾਂ ਆਟੋ ਰਿਕਸ਼ਾ ਵਿੱਚ ਬੱਚਿਆਂ ਨੂੰ ਸਕੂਲ ਲਿਆਉਣ ਅਤੇ ਛੱਡਣ ‘ਤੇ ਵੀ ਮੁਕੰਮਲ ਪਾਬੰਦੀ ਹੈ। ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਵਾਰ-ਵਾਰ ਜਾਗਰੂਕ ਕਰਨ ਦੇ ਬਾਵਜੂਦ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖਿਲਾਫ਼ ਹੁਣ ਸਖ਼ਤੀ ਵਰਤੀ ਜਾਵੇਗੀ ਅਤੇ ਇਹ ਚੈਕਿੰਗ ਅਭਿਆਨ ਲਗਾਤਾਰ ਜਾਰੀ ਰਹੇਗਾ।

ਇਸ ਵਿਸ਼ੇਸ਼ ਚੈਕਿੰਗ ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਸੁਰੱਖਿਆ ਅਫ਼ਸਰ ਸ਼੍ਰੀ ਰੁਪਿੰਦਰ ਸਿੰਘ ਰੰਧਾਵਾ, ਟਰਾਂਸਪੋਰਟ ਵਿਭਾਗ ਵੱਲੋਂ ਏ.ਐਸ.ਆਈ. ਗੁਰਚਰਨ ਸਿੰਘ (ਟ੍ਰੈਫਿਕ ਐਜੂਕੇਸ਼ਨ ਸੈੱਲ ਬਰਨਾਲਾ) ਅਤੇ ਸਿੱਖਿਆ ਵਿਭਾਗ ਵੱਲੋਂ ਸ਼੍ਰੀ ਰਮਨਦੀਪ ਸਿੰਘ ਅਤੇ ਸ਼੍ਰੀ ਗੁਰਦੀਪ ਸਿੰਘ ਰਾਏਸਰ ਸ਼ਾਮਿਲ ਸਨ।

Share This Article
Leave a comment

Leave a Reply

Your email address will not be published. Required fields are marked *