ਭਵਾਨੀਗੜ੍ਹ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਵਾਟਰ ਵਰਕਸ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ

Jiya Nagpal
2 Min Read

ਭਵਾਨੀਗੜ੍ਹ, 26 ਅਗਸਤ- ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭਵਾਨੀਗੜ੍ਹ ਦੇ ਵਸਨੀਕਾਂ ਅਤੇ ਬੱਸ ਸਟੈਂਡ ਵਿਖੇ ਆਉਣ-ਜਾਣ ਵਾਲੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਬੱਸ ਸਟੈਂਡ ਵਿਖੇ ਨਵੇਂ ਬਣੇ ਵਾਟਰ ਵਰਕਸ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ’ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਈ ਹੈ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਨਵੇਂ ਵਾਟਰ ਵਰਕਸ ਦੇ ਚਾਲੂ ਹੋਣ ਨਾਲ ਬੱਸ ਸਟੈਂਡ ਵਿਖੇ ਆਉਣ ਵਾਲੇ ਯਾਤਰੀਆਂ, ਦੁਕਾਨਦਾਰਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸਾਫ਼ ਪਾਣੀ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ।

ਵਿਧਾਇਕ ਭਰਾਜ ਨੇ ਕਿਹਾ ਕਿ ਸਰਕਾਰ ਦਾ ਮੰਤਵ ਸਿਰਫ਼ ਵਿਕਾਸ ਕਾਰਜਾਂ ਦੇ ਐਲਾਨ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲੋੜ ਅਨੁਸਾਰ ਹੋਰ ਵੀ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਸਾਫ਼ ਪਾਣੀ ਮਨੁੱਖੀ ਜੀਵਨ ਦੀ ਮੁੱਢਲੀ ਲੋੜ ਹੈ ਅਤੇ ਇਸ ਸਹੂਲਤ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਵਾਟਰ ਵਰਕਸ ਦੀ ਸਾਂਭ-ਸੰਭਾਲ ਅਤੇ ਪਾਣੀ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਤਾਂ ਜੋ ਲੋਕਾਂ ਨੂੰ ਲਗਾਤਾਰ ਬਿਹਤਰ ਸਹੂਲਤ ਮਿਲਦੀ ਰਹੇ।

ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਤਾਰੀ, ਵਿੱਕੀ ਐੱਮ.ਸੀ., ਐੱਮ.ਸੀ. ਰਾਜ ਨਫਰੀਆ, ਹਰੀ ਸਿੰਘ, ਰੀਟੂ ਐੱਮ.ਸੀ., ਲਖਵਿੰਦਰ ਲੱਖਾ, ਸੁਰਬੀ ਧੀਮਾਨ ਅਤੇ ਗੁਰਪ੍ਰੀਤ ਬਾਬਾ ਸਮੇਤ ਹੋਰ ਪਤਵੰਤੇ ਅਤੇ ਸਥਾਨਕ ਆਗੂ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *