ਭਲਕੇ 29 ਅਗਸਤ ਨੂੰ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਲੱਗਣਗੇ ਮਨੁੱਖੀ ਅਧਿਕਾਰ ਕਮਿਸ਼ਨ ਦੇ ‘ਓਪਨ ਹੀਅਰਿੰਗ ਸਿਟਿੰਗ ਕੈਂਪ’

Jiya Nagpal
2 Min Read

ਮਾਲੇਰਕੋਟਲਾ, 28 ਅਗਸਤ:                      ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਮਨੁੱਖੀ ਅਤੇ ਸੰਵਿਧਾਨਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਸਿੱਧੀ ਸੁਣਵਾਈ ਰਾਹੀਂ ਨਿਪਟਾਰੇ ਲਈ ਭਲਕੇ 29 ਅਗਸਤ 2026 ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਸ਼ੇਸ਼ ‘ਓਪਨ ਹੀਅਰਿੰਗ ਸਿਟਿੰਗ ਕੈਂਪ’ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੀ ਅਗਵਾਈ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸਿੱਧੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਾਹਮਣੇ ਰੱਖਣ ਲਈ ਇੱਕ ਸੁਵਿਧਾਜਨਕ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਤੋਂ ਇਲਾਵਾ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ, ਸਮਾਜਿਕ ਭਲਾਈ ਸਕੀਮਾਂ ਦਾ ਲਾਭ, ਬੁਨਿਆਦੀ ਨਾਗਰਿਕ ਸਹੂਲਤਾਂ ਅਤੇ ਹੋਰ ਜਨਤਕ ਮੁੱਦਿਆਂ ਸਬੰਧੀ ਮਾਮਲੇ ਵੀ ਧਿਆਨ ਵਿੱਚ ਲਿਆਂਦੇ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪਹਿਲਾ ਕੈਂਪ ਸਵੇਰੇ 11:00 ਵਜੇ ਤੋਂ ਦੁਪਹਿਰ 12:30 ਵਜੇ ਤੱਕ ਆਡੀਟੋਰੀਅਮ ਹਾਲ, ਦਯਾਨੰਦ ਆਦਰਸ਼ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ, ਅਹਿਮਦਗੜ੍ਹ ਵਿਖੇ ਹੋਵੇਗਾ। ਇਸ ਉਪਰੰਤ ਦੂਜਾ ਕੈਂਪ ਦੁਪਹਿਰ 2:30 ਵਜੇ ਤੋਂ ਸ਼ਾਮ 4:00 ਵਜੇ ਤੱਕ ਸਰਕਾਰੀ ਕਾਲਜ, ਅਮਰਗੜ੍ਹ ਵਿਖੇ ਲਗਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀ, ਪੰਚਾਇਤੀ ਨੁਮਾਇੰਦੇ, ਗੈਰ-ਸਰਕਾਰੀ ਸੰਸਥਾਵਾਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਅਤੇ ਸਮਾਜ ਦੇ ਹੋਰ ਪ੍ਰਮੁੱਖ ਨੁਮਾਇੰਦੇ ਵੀ ਸ਼ਮੂਲੀਅਤ ਕਰਨਗੇ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਯੋਗ ਕਾਰਵਾਈ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।
ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਲੈਂਦਿਆਂ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਲੈ ਕੇ ਨਿਰਧਾਰਤ ਸਥਾਨਾਂ ’ਤੇ ਪਹੁੰਚਣ।

Share This Article
Leave a comment

Leave a Reply

Your email address will not be published. Required fields are marked *