ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਬੂਰੇ ਰਾਜਪੂਤਾਂ ‘ਚ ਕੀਤੀ ‘ਲੋਕ ਮਿਲਣੀ’

Jiya Nagpal
3 Min Read

ਹੁਸ਼ਿਆਰਪੁਰ, 30 ਅਗਸਤ: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਅੱਜ ਪਿੰਡ ਬੂਰੇ ਰਾਜਪੂਤਾਂ ਵਿਖੇ ਕਰਵਾਈ ਗਈ ‘ਲੋਕ ਮਿਲਣੀ’ ਦੌਰਾਨ ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ।

ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ-ਨਾਲ ਪਿੰਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਇਕਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਈਟਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਉਣੀਆ ਸ਼ਾਮਲ ਹਨ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰੀ ਸਕੂਲਾਂ ਦੀ ਬਿਹਤਰੀ, ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ’ ਦਾ ਮੁੱਖ ਮਕਸਦ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਪਰਕ ਕਾਇਮ ਕਰਨਾ ਹੈ ਤਾਂ ਜੋ ਆਪਣੇ ਮਸਲੇ ਸਿੱਧੇ ਤੌਰ ’ਤੇ ਸਰਕਾਰ ਦੇ ਨੁਮਾਇੰਦਿਆਂ ਦੇ ਸਾਹਮਣੇ ਰੱਖ ਸਕਦੇ ਹਨ ਅਤੇ ਉਨ੍ਹਾਂ ਦੇ ਹੱਲ ਲਈ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਕੋਲ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਹੱਲ ਕਰਨ ਦੀ ਨੀਤੀ ’ਤੇ ਕੰਮ ਕਰ ਰਹੀ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਤੋਂ ਬਿਨਾਂ ਪੰਜਾਬ ਦਾ ਸਮੁੱਚਾ ਵਿਕਾਸ ਸੰਭਵ ਨਹੀਂ ਅਤੇ ਇਸ ਲਈ ਪਿੰਡਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ।

ਇਸ ਮੌਕੇ ਪਿੰਡ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਵੱਲੋਂ 4 ਲੱਖ ਰੁਪਏ ਦੀ ਗ੍ਰਾਂਟ ਦੇਣ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ਼ਾਮਚੁਰਾਸੀ ਹਲਕੇ ਤੋਂ ਮਹਿਲਾ ਵਿੰਗ ਦੀ ਇੰਚਾਰਜ ਰਜਵੰਤ ਕੌਰ, ਸਰਪੰਚ ਰਵਿੰਦਰ ਕੌਰ, ਪੰਚ ਦਰਸ਼ਨ ਸਿੰਘ, ਮਨਜੀਤ ਸਿੰਘ, ਮਨਜਿੰਦਰ ਸਿੰਘ, ਹਰਪ੍ਰੀਤ ਸਿੰਘ, ਬਲਕਾਰ ਸਿੰਘ, ਕਮਲ ਧੂਤ, ਹਰਮਿੰਦਰ ਕੌਰ ਸਰਪੰਚ ਪੰਡੋਰੀ ਬਾਵਾ ਦਾਸ, ਬਲਵੀਰ ਸਿੰਘ, ਰਵਿੰਦਰ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *