‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

Jiya Nagpal
2 Min Read
ਚੰਡੀਗੜ੍ਹ, 1 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ ਪੂਰੇ ਹੋ ਗਏ ਹਨ ਅਤੇ ਇਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 58,924 ਐਫ.ਆਈ.ਆਰ. ਦਰਜ ਕਰਕੇ 3776 ਕਿਲੋ ਹੈਰੋਇਨ ਸਮੇਤ 76,751 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਐਸ.ਪੀ.ਐਸ. ਪਰਮਾਰ ਨੇ ਦੱਸਿਆ ਕਿ 3776 ਕਿੱਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 944 ਕਿੱਲੋ ਅਫ਼ੀਮ, 448 ਕੁਇੰਟਲ ਭੁੱਕੀ, 129 ਕਿੱਲੋ ਚਰਸ, 1298 ਕਿੱਲੋ ਗਾਂਜਾ, 70 ਕਿੱਲੋ ਆਈਸੀਈ, 62.33 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21.99 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ 224ਵੇਂ ਦਿਨ ਵੀ ਜਾਰੀ ਰੱਖਦਿਆਂ  598 ਛਾਪੇਮਾਰੀਆਂ ਤੋਂ ਬਾਅਦ ਚਾਰ ਹਥਿਆਰਾਂ ਸਮੇਤ 370 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ 164 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ। ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਸਾਂਝੇ ਕਰ ਸਕਦੇ ਹਨ।
Share This Article
Leave a comment

Leave a Reply

Your email address will not be published. Required fields are marked *