ਭਵਾਨੀਗੜ੍ਹ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਢਾਈ ਕਿਲੋਮੀਟਰ ਸੜਕ ਦੇ ਨਿਰਮਾਣ ਕਾਰਜਾਂ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸ਼ੁਰੂਆਤ

Jiya Nagpal
2 Min Read

ਭਵਾਨੀਗੜ੍ਹ, 2 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਜ਼ਬੂਤ ਅਤੇ ਬਿਹਤਰ ਸੜਕੀ ਢਾਂਚਾ ਮੁਹੱਈਆ ਕਰਵਾਉਣ ਲਈ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਲਗਾਤਾਰ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸੇ ਤਹਿਤ ਅੱਜ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭਵਾਨੀਗੜ੍ਹ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਗਭਗ ਢਾਈ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਹ ਸੜਕ ਸ਼ਮਸ਼ਾਨ ਘਾਟ ਰੋਡ ਤੋਂ ਕਾਕੜਾ ਰੋਡ ਰਾਹੀਂ ਡੰਪ ਤੱਕ ਬਣਾਈ ਜਾਵੇਗੀ। ਇਸ ਸੜਕ ਦੇ ਨਿਰਮਾਣ ਨਾਲ ਭਵਾਨੀਗੜ੍ਹ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸੜਕਾਂ ਦਾ ਮਜ਼ਬੂਤ ਨੈੱਟਵਰਕ ਨਾ ਸਿਰਫ਼ ਆਵਾਜਾਈ ਨੂੰ ਸੁਚਾਰੂ ਬਣਾਉਂਦਾ ਹੈ, ਸਗੋਂ ਇਲਾਕੇ ਦੇ ਵਪਾਰਕ ਅਤੇ ਆਰਥਿਕ ਵਿਕਾਸ ਨੂੰ ਵੀ ਗਤੀ ਦਿੰਦਾ ਹੈ।

ਵਿਧਾਇਕ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਕਾਰਜ ਨੂੰ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਮੁਕੰਮਲ ਕਰਵਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਲੰਮੇ ਸਮੇਂ ਤੱਕ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ।

ਇਸ ਮੌਕੇ ਇਲਾਕੇ ਦੇ ਪਤਵੰਤੇ, ਸਥਾਨਕ ਆਗੂ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *