ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ ਵੱਲੋਂ ਰੇਲਵੇ ਰੋਡ ਵਾਰਡ ਨੰਬਰ 14 ਵਿੱਚ ਸਫਾਈ ਦਾ ਲਿਆ ਜਾਇਜ਼ਾ

Jiya Nagpal
4 Min Read
ਨੰਗਲ 05 ਸਤੰਬਰ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨੰਗਲ ਸ਼ਹਿਰ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਸਥਾਨਕ ਸਰਕਾਰਾਂ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਰੇਲਵੇ ਰੋਡ, ਵਾਰਡ ਨੰਬਰ 14 ਵਿਖੇ ਪਹੁੰਚ ਕੇ ਸਫਾਈ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ’ਤੇ ਮੌਜੂਦ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਸਫਾਈ ਪ੍ਰਬੰਧਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਹਦਾਇਤ ਕੀਤੀ ਕਿ ਸ਼ਹਿਰ ਦੇ ਕਿਸੇ ਵੀ ਹਿੱਸੇ ਵਿੱਚ ਗੰਦਗੀ ਇਕੱਠੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਾਫ-ਸੁਥਰਾ ਵਾਤਾਵਰਣ ਹਰ ਨਾਗਰਿਕ ਦਾ ਹੱਕ ਹੈ ਅਤੇ ਇਸ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ।
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਸਿਰਫ ਸਫਾਈ ਮੁਹਿੰਮ ਨਹੀਂ, ਸਗੋਂ ਸ਼ਹਿਰਾਂ ਦੀ ਸਫਾਈ ਪ੍ਰਣਾਲੀ ਨੂੰ ਵਿਗਿਆਨਕ ਅਤੇ ਤਕਨਾਲੋਜੀ ਆਧਾਰਤ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਦੱਸਿਆ ਕਿ ਆਧੁਨਿਕ ਤਕਨਾਲੋਜੀ ਦੀ ਵਰਤੋਂ ਨਾਲ ਸਫਾਈ ਕਾਰਜਾਂ ਦੀ ਨਿਗਰਾਨੀ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਆਈ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਕਾਰਗੁਜ਼ਾਰੀ ਅਤੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਸਫਾਈ ਕਾਰਜਾਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਇਸ ਨਾਲ ਸਫਾਈ ਪ੍ਰਬੰਧਾਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲ ਰਹੀ ਹੈ।
ਸ੍ਰ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਸ਼ਹਿਰ ਨੂੰ ਸਾਫ-ਸੁਥਰਾ, ਸੁੰਦਰ ਅਤੇ ਸੁਵਿਧਾਜਨਕ ਬਣਾਉਣ ਲਈ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਮੁੱਖ ਬਾਜ਼ਾਰਾਂ ਸਮੇਤ ਰਿਹਾਇਸ਼ੀ ਇਲਾਕਿਆਂ ਵਿੱਚ ਵੀ ਸਫਾਈ ਪ੍ਰਬੰਧਾਂ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਸਫਾਈ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਹਨ, ਤਾਂ ਜੋ ਮੌਕੇ ’ਤੇ ਆਉਣ ਵਾਲੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਵੀ ਸਫਾਈ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ ਦੇ ਨਿਰਦੇਸ਼ ਦਿੱਤੇ।
ਮੰਤਰੀ ਬੈਂਸ ਨੇ ਕਿਹਾ ਕਿ ਨੰਗਲ ਸ਼ਹਿਰ ਦੇ ਵਿਕਾਸ ਲਈ ਸਫਾਈ ਦੇ ਨਾਲ-ਨਾਲ ਬੁਨਿਆਦੀ ਢਾਂਚੇ, ਸੜਕਾਂ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ, ਸੁੰਦਰਤਾ ਅਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਨੰਗਲ ਨੂੰ ਸਿਰਫ ਸਾਫ ਸ਼ਹਿਰ ਹੀ ਨਹੀਂ, ਬਲਕਿ ਹਰ ਲੋੜੀਂਦੀ ਸਹੂਲਤ ਨਾਲ ਲੈਸ ਇੱਕ ਮਾਡਲ ਸਿਟੀ ਵਜੋਂ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲੋੜ ਅਨੁਸਾਰ ਨਵੇਂ ਪ੍ਰਾਜੈਕਟ ਲਿਆਂਦੇ ਜਾਣਗੇ ਅਤੇ ਮੌਜੂਦਾ ਸਹੂਲਤਾਂ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ।
ਸਥਾਨਕ ਸਰਕਾਰਾਂ ਮੰਤਰੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫਲ ਬਣਾਉਣ ਲਈ ਸਰਕਾਰ ਅਤੇ ਨਗਰ ਕੌਂਸਲ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਫਾਈ ਸਿਰਫ ਸਰਕਾਰ ਜਾਂ ਸਫਾਈ ਕਰਮਚਾਰੀਆਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕ ਆਪਣੇ ਆਲੇ-ਦੁਆਲੇ ਗੰਦਗੀ ਨਾ ਫੈਲਾਉਣ, ਕੂੜਾ ਨਿਰਧਾਰਤ ਥਾਵਾਂ ’ਤੇ ਪਾਉਣ ਅਤੇ ਸਫਾਈ ਪ੍ਰਤੀ ਹੋਰਨਾਂ ਨੂੰ ਵੀ ਜਾਗਰੂਕ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਨੰਗਲ ਨੂੰ ਸਾਫ, ਸੁੰਦਰ, ਸਿਹਤਮੰਦ ਅਤੇ ਸੁਵਿਧਾਜਨਕ ਮਾਡਲ ਸਿਟੀ ਬਣਾਉਣ ਦਾ ਟੀਚਾ ਜ਼ਰੂਰ ਹਾਸਲ ਕੀਤਾ ਜਾਵੇਗਾ।
Share This Article
Leave a comment

Leave a Reply

Your email address will not be published. Required fields are marked *