ਢੇਲਾਬਾੜਾਂ ਦੀ ਸਲਾਨਾ ਛਿੰਝ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ

Jiya Nagpal
3 Min Read

ਕੀਰਤਪੁਰ ਸਾਹਿਬ 07 ਸਤੰਬਰ: ਪਿੰਡ ਢੇਲਾਬਾੜਾਂ ਵਿਖੇ ਕਰਵਾਏ ਗਏ ਸਲਾਨਾ ਛਿੰਝ ਅਤੇ ਕੁਸ਼ਤੀ ਦੇ ਦੰਗਲ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਦੰਗਲ ਵਿੱਚ ਹਿੱਸਾ ਲੈਣ ਵਾਲੇ ਪਹਿਲਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਦੀ ਖੇਡ ਪ੍ਰਤੀ ਸਮਰਪਣ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਨਾਲ ਜੁੜੀਆਂ ਰਵਾਇਤੀ ਖੇਡਾਂ ਅਤੇ ਕੁਸ਼ਤੀ ਸਾਡੀ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਹਨ। ਅਜਿਹੇ ਦੰਗਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਮਿਹਨਤ ਅਤੇ ਸਿਹਤਮੰਦ ਜੀਵਨ ਪ੍ਰਤੀ ਰੁਝਾਨ ਪੈਦਾ ਕਰਦੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਮੌਕੇ ਪ੍ਰਦਾਨ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਢੇਲਾਬਾੜਾਂ ਵਿੱਚ ਵਿਕਾਸ ਕਾਰਜਾਂ ਤਹਿਤ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਕਰਵਾਇਆ ਗਿਆ ਹੈ, ਜਦਕਿ 10 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦਾ ਨਿਰਮਾਣ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਵਿੱਚ ਕਰੀਬ 5 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦਾ ਨਿਰਮਾਣ ਵੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਖੇਡ ਮੈਦਾਨ ਬਣਾਉਣ ਦੀ ਮੰਗ ਵੀ ਰੱਖੀ ਗਈ ਹੈ, ਜਿਸ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਲਈ ਢੁੱਕਵੀਂ ਸਹੂਲਤ ਮਿਲ ਸਕੇ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਰਤਗੜ੍ਹ ਤੋਂ ਪੰਜੈਰਾ ਤੱਕ ਸੜਕ ਦਾ ਕੰਮ ਕਰਵਾਇਆ ਜਾ ਚੁੱਕਾ ਹੈ। ਇਸ ਸੜਕ ਦੇ ਕੁਝ ਹਿੱਸੇ ਦਾ ਕੰਮ ਅਜੇ ਬਾਕੀ ਹੈ, ਜਿਸ ਨੂੰ ਡਬਲ ਕੰਕਰੀਟ ਨਾਲ ਤਿਆਰ ਕਰਨ ਲਈ ਟੈਂਡਰ ਲਗਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਟੈਂਡਰ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਬਾਕੀ ਰਹਿੰਦੇ ਹਿੱਸੇ ਦਾ ਕੰਮ ਵੀ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਨੂੰ ਵਧੀਆ ਸੜਕਾਂ, ਬੁਨਿਆਦੀ ਸਹੂਲਤਾਂ ਅਤੇ ਮਜ਼ਬੂਤ ਢਾਂਚਾ ਮੁਹੱਈਆ ਕਰਵਾਉਣਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਛਿੰਝ ਵਿੱਚ ਹਿੱਸਾ ਲੈਣ ਵਾਲੇ ਸਾਰੇ ਪਹਿਲਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਅਤੇ ਆਪਣੀ ਤਾਕਤ ਤੇ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਵਾਇਤੀ ਕੁਸ਼ਤੀ ਅਤੇ ਪਿੰਡਾਂ ਦੇ ਦੰਗਲ ਸਾਡੀ ਸੱਭਿਆਚਾਰਕ ਵਿਰਾਸਤ ਹਨ ਅਤੇ ਇਨ੍ਹਾਂ ਨੂੰ ਅੱਗੇ ਵਧਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਦਾ ਛਿੰਝ ਵਿੱਚ ਸ਼ਿਰਕਤ ਕਰਨ ਅਤੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਜੁਝਾਰ ਸਿੰਘ ਮੁਲਤਾਨੀ ਸੈਣੀ ਵੈਲਫੇਅਰ ਬੋਰਡ ਪੰਜਾਬ, ਮਨਦੀਪ ਸਿੰਘ ਯੂਥ ਪ੍ਰਧਾਨ, ਹਰਿੰਦਰ ਸਿੰਘ, ਅਵਤਾਰ ਸਿੰਘ ਸਰਪੰਚ, ਸੀਤਾ ਰਾਮ ਸਰਪੰਚ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *