ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

Jiya Nagpal
2 Min Read
ਚੰਡੀਗੜ੍ਹ, 9 ਸਤੰਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੀ.ਡੀ.ਪੀ.ਓ. ਦਫ਼ਤਰ ਭੂਨਰਹੇੜੀ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭਟੀਆਂ, ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਗ੍ਰਾਮ ਪੰਚਾਇਤ ਨੇ ਇੱਕ ਸਥਾਨਕ ਧਰਮਸ਼ਾਲਾ ਅਤੇ ਕਮਿਊਨਿਟੀ ਹਾਲ ਦੀ ਮੁਰੰਮਤ ਅਤੇ ਉਸਾਰੀ ਲਈ ਮਤੇ ਪਾਸ ਕੀਤੇ ਸਨ। ਇਹਨਾਂ ਮਤਿਆਂ ਦੀ ਅਗਲੇਰੀ ਕਾਰਵਾਈ ਅਤੇ ਵਿਕਾਸ ਕਾਰਜਾਂ ਲਈ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮੁਲਜ਼ਮ ਪੰਚਾਇਤ ਸਕੱਤਰ ਨੇ ਦੱਸਿਆ ਕਿ ਇਸ ਰਿਸ਼ਵਤ ਦੀ ਰਕਮ ਵਿੱਚੋਂ ਇੱਕ ਹਿੱਸਾ ਮਤਿਆਂ ‘ਤੇ ਦਸਤਖ਼ਤ ਕਰਵਾਉਣ ਲਈ ਗ੍ਰਾਮ ਪੰਚਾਇਤ ਦੇ ਪੰਚਾਂ ਨੂੰ ਵੰਡਿਆ ਜਾਵੇਗਾ। ਰਿਸ਼ਵਤ ਨਾ ਦੇਣ ਦੀ ਇੱਛਾ ਰੱਖਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਪਟਿਆਲਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Share This Article
Leave a comment

Leave a Reply

Your email address will not be published. Required fields are marked *