ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

Jiya Nagpal
3 Min Read

ਚੰਡੀਗੜ੍ਹ/ਅੰਮ੍ਰਿਤਸਰ, 9 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 5 ਕਿਲੋਗ੍ਰਾਮ ਆਈਸੀਈ (ਕ੍ਰਿਸਟਲ ਮੈਥਾਮਫੇਟਾਮਾਈਨ) ਅਤੇ ਤਿੰਨ ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਹਣ ਸਿੰਘ ਵਾਸੀ ਪਿੰਡ ਚੋਗਾਵਾਂ, ਅੰਮ੍ਰਿਤਸਰ ਅਤੇ ਸਲੀਮ ਵਾਸੀ ਪਿੰਡ ਬੰਡਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮਐਮ ਅਤੇ ਇੱਕ .30 ਬੋਰ ਦਾ ਪਿਸਤੌਲ ਅਤੇ ਮੈਗਜ਼ੀਨਾਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਪਲੈਂਡਰ ਮੋਟਰਸਾਈਕਲ ਜਿਸ ਦੀ ਵਰਤੋਂ ਖੇਪਾਂ ਨੂੰ ਡਿਲੀਵਰ ਕਰਨ ਲਈ ਕੀਤੀ ਜਾ ਰਹੀ ਹੈ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਕਥਿਤ ਤੌਰ ‘ਤੇ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ ਅਤੇ ਸਾਥੀਆਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕੀਤੀਆਂ ਜਾਂਦੀਆਂ ਸਨ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਸ਼ੱਕੀ ਸੋਹਨ ਸਿੰਘ ਅਤੇ ਸਲੀਮ ਦੇ ਅੰਮ੍ਰਿਤਸਰ ਦੇ ਲੋਪੋਕੇ ਰੋਡ ‘ਤੇ ਮਾਤਾ ਕੌਲਾਂ ਹਸਪਤਾਲ ਨੇੜੇ ਅੱਡਾ ਬਾਉਲੀ ਵਿਖੇ ਆਈਸੀਈ ਡਰੱਗ ਅਤੇ ਹਥਿਆਰਾਂ ਦੀ ਵੱਡੀ ਖੇਪ ਦੀ ਡਿਲਿਵਰੀ ਦੇ ਸਬੰਧ ਵਿੱਚ ਮਿਲਣ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ ਵਿੱਚ ਛਾਪੇਮਾਰੀ ਕੀਤੀ ਅਤੇ ਦੋਵਾਂ ਸ਼ੱਕੀਆਂ ਨੂੰ 5 ਕਿਲੋ ਆਈਸੀਈ ਅਤੇ ਤਿੰਨ ਪਿਸਤੌਲਾਂ ਸਮੇਤ ਕਾਬੂ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦੇ ਮੁੱਖ ਮੈਂਬਰ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਸਬੰਧੀ, ਐਫਆਈਆਰ ਨੰਬਰ 55 ਮਿਤੀ 09-09-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 22, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਖੇ ਦਰਜ ਕੀਤੀ ਗਈ ਹੈ।

Share This Article
Leave a comment

Leave a Reply

Your email address will not be published. Required fields are marked *