ਡਾ. ਵਿਵੇਕ ਕੁਮਾਰ ਨੇ ਬਤੌਰ ਸਿਵਲ ਸਰਜਨ ਰੂਪਨਗਰ ਅਹੁਦਾ ਸੰਭਾਲਿਆ

Jiya Nagpal
3 Min Read
ਰੂਪਨਗਰ, 9 ਸਤੰਬਰ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਕੀਤੇ ਗਏ ਹੁਕਮਾਂ ਤਹਿਤ ਡਾ. ਵਿਵੇਕ ਕੁਮਾਰ ਨੇ ਅੱਜ ਬਤੌਰ ਸਿਵਲ ਸਰਜਨ ਰੂਪਨਗਰ ਆਪਣਾ ਅਹੁਦਾ ਸੰਭਾਲ ਲਿਆ। ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਪਹੁੰਚਣ ’ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਅਹੁਦਾ ਸੰਭਾਲਣ ਉਪਰੰਤ ਡਾ. ਵਿਵੇਕ ਕੁਮਾਰ ਨੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਿਹਤ ਸੇਵਾਵਾਂ ਅਤੇ ਕੌਮੀ ਸਿਹਤ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੇ ਲੋਕਾਂ ਨੂੰ ਮਿਆਰੀ, ਸਮੇਂ ਸਿਰ ਅਤੇ ਸੁਚੱਜੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ, ਮਾਤਾ ਤੇ ਬੱਚਾ ਸਿਹਤ ਸੇਵਾਵਾਂ, ਟੀਕਾਕਰਨ, ਟੀ.ਬੀ. ਮੁਕਤ ਭਾਰਤ ਮੁਹਿੰਮ, ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ, ਮਲੇਰੀਆ ਅਤੇ ਡੇਂਗੂ ਦੀ ਰੋਕਥਾਮ, ਪਰਿਵਾਰ ਭਲਾਈ ਅਤੇ ਹੋਰ ਲੋਕ-ਹਿੱਤੂ ਸਿਹਤ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ।
ਡਾ. ਵਿਵੇਕ ਕੁਮਾਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਿਆਰੀ ਸੇਵਾਵਾਂ ਦੇਣ ਦੇ ਨਾਲ-ਨਾਲ ਮਰੀਜ਼ਾਂ ਨਾਲ ਹਮਦਰਦੀ ਅਤੇ ਸਨਮਾਨ ਨਾਲ ਪੇਸ਼ ਆਉਣਾ ਵੀ ਸਿਹਤ ਵਿਭਾਗ ਦੀ ਮੁੱਖ ਜ਼ਿੰਮੇਵਾਰੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ, ਸਟਾਫ਼, ਦਵਾਈਆਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਹੋਰ ਮਜ਼ਬੂਤ ਕੀਤਾ ਜਾਵੇ।
ਇਸ ਮੌਕੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ
ਡਾ. ਵਿਵੇਕ ਕੁਮਾਰ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਸਮੂਹ ਪ੍ਰੋਗਰਾਮ ਅਫਸਰ ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅੰਜਲੀ ਚੌਧਰੀ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਗਗਨਦੀਪ ਕੌਰ, ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਰਜਨੀਤ ਬੈਂਸ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸਾਰੀਕਾ, ਜ਼ਿਲ੍ਹਾ ਐਪਡਮੋਲਜਿਸਟ ਡਾ. ਹਰਸ਼ਰਨ ਕੌਰ ਅਤੇ ਜ਼ਿਲ੍ਹਾ ਐਪਡਿਮੋਲਜਿਸਟ ਡਾ. ਵਸੂਧਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਮੀਤ ਕੌਰ ਅਤੇ ਰਵਿੰਦਰ ਸਿੰਘ ਹਾਜ਼ਰ ਸਨ।
Share This Article
Leave a comment

Leave a Reply

Your email address will not be published. Required fields are marked *