ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

Jiya Nagpal
4 Min Read
ਚੰਡੀਗੜ੍ਹ, 10 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਸਭ ਤੋਂ ਵੱਧ ਲੋੜਵੰਦ ਅਤੇ ਹਾਸ਼ੀਏ ‘ਤੇ ਰਹਿ ਰਹੇ ਲੋਕਾਂ ਨੂੰ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ‘ਸਮਾਇਲ ਸਕੀਮ’ ਅਧੀਨ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਅਤੇ ਜਲੰਧਰ ਵਿੱਚ ਬੇਘਰ ਅਤੇ ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੇ ਬਚਾਅ, ਪੁਨਰਵਾਸ ਅਤੇ ਸਮਾਜਿਕ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਮਾਰਚ 2026 ਤੋਂ ਚੱਲ ਰਹੇ ਸਰਵੇ ਦੌਰਾਨ ਹੁਣ ਤੱਕ 422 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 32 ਵਿਅਕਤੀਆਂ ਦਾ ਸਫ਼ਲ ਪੁਨਰਵਾਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 8 ਵਿਅਕਤੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮੁੜ ਜੋੜਿਆ ਗਿਆ, 2 ਬਜ਼ੁਰਗਾਂ ਨੂੰ ਪੈਨਸ਼ਨ ਦਾ ਲਾਭ ਦਿਵਾਇਆ ਗਿਆ, 4 ਵਿਅਕਤੀਆਂ ਦੇ ਆਧਾਰ ਕਾਰਡ ਬਣਵਾਏ ਗਏ, 1 ਵਿਅਕਤੀ ਨੂੰ ਆਸ਼ੀਰਵਾਦ ਸਕੀਮ ਦਾ ਲਾਭ ਦਿਵਾਇਆ ਗਿਆ, 4 ਵਿਅਕਤੀਆਂ ਨੂੰ ਬਿਰਧ ਆਸ਼ਰਮ ਵਿੱਚ ਭੇਜਿਆ ਗਿਆ ਅਤੇ 13 ਵਿਅਕਤੀਆਂ ਨੂੰ ਰੋਜ਼ਗਾਰ ਜਾਂ ਕਿੱਤੇ ਨਾਲ ਜੋੜਿਆ ਗਿਆ। ਇਸ ਤੋਂ ਇਲਾਵਾ 54 ਵਿਅਕਤੀਆਂ ਦੀ ਕੌਂਸਲਿੰਗ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਵੀ 168 ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਕਾਰਵਾਈ ਜਾਰੀ ਹੈ, ਜਦਕਿ ਸਤੰਬਰ ਦੇ ਦੂਜੇ ਹਫ਼ਤੇ ਦੌਰਾਨ ਲੁਧਿਆਣਾ ਅਤੇ ਜਲੰਧਰ ਵਿੱਚ ਵੀ ਸਰਵੇ ਸ਼ੁਰੂ ਕੀਤਾ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਇਲ ਸਕੀਮ ਦਾ ਉਦੇਸ਼ ਸਿਰਫ਼ ਭਿਖਿਆ ਤੋਂ ਮੁਕਤੀ ਦਿਵਾਉਣਾ ਨਹੀਂ, ਸਗੋਂ ਹਰ ਲੋੜਵੰਦ ਨੂੰ ਸਨਮਾਨ, ਸੁਰੱਖਿਆ ਅਤੇ ਸਵੈ-ਨਿਰਭਰਤਾ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਮਾਜਿਕ ਸੁਰੱਖਿਆ ਯੋਜਨਾਵਾਂ, ਸਿਹਤ ਸੇਵਾਵਾਂ, ਕੌਂਸਲਿੰਗ, ਹੁਨਰ ਵਿਕਾਸ, ਸਿੱਖਿਆ, ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਨਾਲ ਜੋੜ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਸਬੰਧਤ ਵਿਭਾਗਾਂ ਅਤੇ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਅਤੇ ਸਰਵੇ ਕੀਤਾ ਜਾਂਦਾ ਹੈ। ਲੋੜ ਅਨੁਸਾਰ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾ ਕੇ ਕੌਂਸਲਿੰਗ, ਸਿਹਤ ਜਾਂਚ ਅਤੇ ਹੋਰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਜਿਨ੍ਹਾਂ ਵਿਅਕਤੀਆਂ ਦੇ ਪਰਿਵਾਰਾਂ ਦੀ ਪਛਾਣ ਹੋ ਜਾਂਦੀ ਹੈ, ਉਨ੍ਹਾਂ ਨੂੰ ਨਿਯਮਾਂ ਅਨੁਸਾਰ ਪਰਿਵਾਰ ਨਾਲ ਮੁੜ ਜੋੜਿਆ ਜਾਂਦਾ ਹੈ, ਜਦਕਿ ਬੇਸਹਾਰਾ ਵਿਅਕਤੀਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਪੁਨਰਵਾਸ ਸੇਵਾਵਾਂ ਨਾਲ ਜੋੜਿਆ ਜਾਂਦਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਥਾਨਕ ਪ੍ਰਸ਼ਾਸਨ, ਨਗਰ ਨਿਗਮਾਂ, ਸਥਾਨਕ ਸਰਕਾਰ ਸੰਸਥਾਵਾਂ, ਪੁਲਿਸ ਵਿਭਾਗ, ਸਿਹਤ ਵਿਭਾਗ, ਹੁਨਰ ਵਿਕਾਸ ਨਾਲ ਸਬੰਧਤ ਸੰਸਥਾਵਾਂ ਅਤੇ ਹੋਰ ਹਿੱਸੇਦਾਰ ਵਿਭਾਗਾਂ ਨਾਲ ਆਪਸੀ ਤਾਲਮੇਲ ਰਾਹੀਂ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਸਹਾਇਤਾ ਤੋਂ ਵਾਂਝਾ ਨਾ ਰਹੇ। ਕੈਬਨਿਟ ਮੰਤਰੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ‘ਤੇ ਭਿਖਿਆ ਮੰਗਣ ਵਾਲੇ ਵਿਅਕਤੀਆਂ ਨੂੰ ਨਕਦ ਰਕਮ ਦੇਣ ਦੀ ਬਜਾਏ ਉਨ੍ਹਾਂ ਨੂੰ ਸਰਕਾਰ ਵੱਲੋਂ ਉਪਲਬਧ ਪੁਨਰਵਾਸ ਅਤੇ ਸਮਾਜਿਕ ਸਹਾਇਤਾ ਸੇਵਾਵਾਂ ਤੱਕ ਪਹੁੰਚਾਉਣ ਵਿੱਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਭਿਖਿਆ-ਮੁਕਤ, ਆਤਮ-ਨਿਰਭਰ ਅਤੇ ਸਨਮਾਨਜਨਕ “ਰੰਗਲਾ ਪੰਜਾਬ” ਦੀ ਸਿਰਜਣਾ ਸੰਭਵ ਹੈ।
Share This Article
Leave a comment

Leave a Reply

Your email address will not be published. Required fields are marked *