ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਸਫਾਈ ਕਰਮਚਾਰੀਆਂ ਦੀ ਭਲਾਈ ਸਬੰਧੀ ਸਕੀਮਾਂ ਤੇ ਉਪਰਾਲਿਆਂ ਦੀ ਸਮੀਖਿਆ

Jiya Nagpal
2 Min Read

ਜਲੰਧਰ, 11 ਸਤੰਬਰ : ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਹਰਦੀਪ ਸਿੰਘ ਗਿੱਲ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਫਾਈ ਕਰਮਚਾਰੀਆਂ ਦੀ ਭਲਾਈ ਸਬੰਧੀ ਸਕੀਮਾਂ ਅਤੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੈਂਬਰ, ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਿਹਾ ਹੈ।

ਉਨ੍ਹਾਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫਾਈ ਕਰਮਚਾਰੀਆਂ ਦੀ ‘ਨਮਸਤੇ’ ਪੋਰਟਲ ’ਤੇ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਮੁਫ਼ਤ ਸਫਾਈ ਕਿੱਟਾਂ ਤੇ ਹੋਰ ਬਣਦੀ ਸਹੂਲਤ ਦਿੱਤੀ ਜਾ ਸਕੇ। ਇਸ ਮੰਤਵ ਲਈ ਉਨ੍ਹਾਂ ਵਿਸ਼ੇਸ਼ ਕੈਂਪ ਲਗਾਉਣ ਦੀ ਵੀ ਹਦਾਇਤ ਕੀਤੀ।

ਸ਼੍ਰੀ ਗਿੱਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਐਨ.ਐਸ.ਕੇ.ਐਫ.ਡੀ.ਸੀ. ਨਾਲ ਤਾਲਮੇਲ ਕਰਕੇ ਸਫਾਈ ਕਰਮੀਆਂ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਨੂੰ ਐਨ.ਐਸ.ਕੇ.ਐਫ.ਡੀ.ਸੀ. ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਐਮ.ਐਸ. ਐਕਟ-2013 ਬਾਰੇ ਜਾਗਰੂਕਤਾ ਲਈ ਕੈਂਪ ਅਤੇ ਵਰਕਸ਼ਾਪ ਕਰਵਾਉਣ ਦੀ ਵੀ ਹਦਾਇਤ ਕੀਤੀ।

ਮੈਂਬਰ ਕਮਿਸ਼ਨ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਬਿਹਤਰੀ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ’ਤੇ ਗਠਿਤ ਕਮੇਟੀਆਂ ਦੀਆਂ ਨਿਯਮਿਤ ਮੀਟਿੰਗ ਕੀਤੀਆਂ ਜਾਣ। ਉਨ੍ਹਾਂ ਇਸ ਮੌਕੇ ਨਗਰ ਨਿਗਮ/ਕੌਂਸਲਾਂ ਨੂੰ ਸਫਾਈ ਕਰਮਚਾਰੀਆਂ ਲਈ ਢੁੱਕਵੇਂ ਚੇਜਿੰਗ ਰੂਮਜ਼ ਦੀ ਵਿਵਸਥਾ ਕਰਨ ਦੇ ਵੀ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸਫਾਈ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੀ ਭਲਾਈ ਸਬੰਧੀ ਸਕੀਮਾਂ ਅਤੇ ਕਾਨੂੰਨਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਸਹਾਇਕ ਕਮਿਸ਼ਨਰ ਵਰੁਣ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਰਣਬੀਰ ਸਿੰਘ, ਨਗਰ ਨਿਗਮ ਅਤੇ ਨਗਰ ਕੌਂਸਲਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Share This Article
Leave a comment

Leave a Reply

Your email address will not be published. Required fields are marked *