ਪੰਜਾਬ ਸਰਕਾਰ ਨੇ ਸਿਹਤ ਤੇ ਸਿੱਖਿਆ ਖੇਤਰ ‘ਚ ਚੁੱਕੇ ਵੱਡੇ ਕਦਮ : ਡਾ. ਰਵਜੋਤ ਸਿੰਘ

Jiya Nagpal
4 Min Read

ਹੁਸ਼ਿਆਰਪੁਰ, 21 ਸਤੰਬਰ : ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਨਸਰਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਦੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਹਰੇਕ ਪਰਿਵਾਰ ਲਈ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਸਿਹਤ ਬੀਮਾ ਯੋਜਨਾ ਦੇ ਕਾਰਡ ਸੌਂਪਦਿਆਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਭਰ ਵਿਚ ਪਰਿਵਾਰਾਂ ਨੂੰ ਪ੍ਰਮੁੱਖ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਲੋਕਾਂ ਲਈ ਸਿਹਤ ਸੁਰੱਖਿਆ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਵੱਡੇ ਕਦਮ ਚੁੱਕੇ ਗਏ ਹਨ ਜਿਸ ਨਾਲ ਰਾਜ ਦੇ ਹਰ ਖੇਤਰ ਦੇ ਲਗਭਗ ਹਰ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਕ ਹਜ਼ਾਰ ਦੇ ਕਰੀਬ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਜਿਨ੍ਹਾਂ ਵਿਚ 600 ਦੇ ਕਰੀਬ ਪੇਂਡੂ ਖੇਤਰਾਂ ਵਿਚ ਖੋਲ੍ਹੇ ਗਏ ਹਨ ਤਾਂ ਜੋ ਲੋਕਾਂ ਨੂੰ ਘਰਾਂ ਨੇੜੇ ਹੀ ਮੁੱਢਲੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਮਰੀਜ਼ਾਂ ਨੂੰ ਲਗਭਗ 110 ਤਰ੍ਹਾਂ ਦੀਆਂ ਵੱਖ-ਵੱਖ ਦਵਾਈਆਂ ਅਤੇ 50 ਦੇ ਕਰੀਬ ਵੱਖ-ਵੱਖ ਤਰ੍ਹਾਂ ਦੇ ਮੈਡੀਕਲ ਟੈਸਟਾਂ ਦੀ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਹੁਣ ਤੱਕ ਛੇ ਕਰੋੜ ਦੇ ਕਰੀਬ ਮਰੀਜ਼ਾਂ ਵਲੋਂ ਆਪਣਾ ਚੈਕਅਪ ਕਰਵਾ ਕੇ ਸਿਹਤ ਸਹੂਲਤਾਂ ਦਾ ਲਾਭ ਲਿਆ ਜਾ ਚੁੱਕਾ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਅਤੇ ਆਸਾਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਿਹਤ ਨਾਲ ਜੁੜੇ ਇਲਾਜ ਦੇ ਖਰਚੇ ਕਾਰਨ ਕਿਸੇ ਵੀ ਪਰਿਵਾਰ ਨੂੰ ਆਰਥਿਕ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵੱਲੋਂ ਸਿਹਤ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਸਿਹਤ ਸੁਰੱਖਿਆ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਪਰਿਵਾਰ ਦੇ ਯੋਗ ਮੈਂਬਰਾਂ ਦੇ ਸਿਹਤ ਕਾਰਡ ਬਣਵਾਉਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਹਿੱਤਾਂ ਦੇ ਮੱਦੇਨਜ਼ਰ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਦਿਆਂ ਸੂਬੇ ਵਿਚ ਸਿਹਤ ਅਤੇ ਸਿੱਖਿਆ ਨੂੰ ਪੂਰੀ ਤਰਜੀਹ ਦਿੰਦਿਆਂ ਇਨ੍ਹਾਂ ਖੇਤਰਾਂ ਵਿਚ ਬੇਮਿਸਾਲ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿਚ 1100 ਕਰੋੜ ਰੁਪਏ ਦੀ ਲਾਗਤ ਨਾਲ 3000 ਤੋਂ ਵੱਧ ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ ਜਦਕਿ 6000 ਹੋਰ ਖੇਡ ਮੈਦਾਨਾਂ ਦਾ ਕੰਮ ਜਲਦ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਦੇ ਮੱਦੇਨਜ਼ਰ ਅਹਿਮ ਫੈਸਲੇ ਲੈਂਦਿਆਂ ਸੂਬੇ ਦੀ ਤਰੱਕੀ ਨੂੰ ਨਵੀਂ ਰਫ਼ਤਾਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸ਼ਾਮਚੁਰਾਸੀ ਵਿਚ ਸੜਕਾਂ ਦੇ ਕੰਮ ਵਿਚ ਤੇਜੀ ਲਿਆਂਦੀ ਜਾ ਰਹੀ ਹੈ ਅਤੇ ਆਉਂਦੇ ਕੁਝ ਹਫ਼ਤਿਆਂ ਵਿਚ ਇਹ ਕੰਮ ਮੁਕੰਮਲ ਕਰਵਾ ਕੇ ਲੋਕਾਂ ਨੂੰ ਹੋਰ ਸੁਖਾਲੀ ਆਵਾਜਾਈ ਦੀ ਸਹੂਲਤ ਮਿਲੇਗੀ।

ਇਸ ਮੌਕੇ ਇਲਾਕਾ ਵਾਸੀਆਂ ਨੇ ਸਿਹਤ ਸੁਰੱਖਿਆ ਨਾਲ ਸਬੰਧਤ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਕਾਰਡ ਮਿਲਣ ਨਾਲ ਲੋੜ ਪੈਣ ’ਤੇ ਪਰਿਵਾਰਾਂ ਨੂੰ ਇਲਾਜ ਦੇ ਖਰਚੇ ਸਬੰਧੀ ਵੱਡੀ ਰਾਹਤ ਮਿਲੇਗੀ।

Share This Article
Leave a comment

Leave a Reply

Your email address will not be published. Required fields are marked *