ਐਮ.ਪੀ. ਮਲਵਿੰਦਰ ਸਿੰਘ ਕੰਗ ਨੇ ਮੋਰਿੰਡਾ ਅਨਾਜ ਮੰਡੀ ਦਾ ਦੌਰਾ ਕਰਦਿਆਂ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Jiya Nagpal
3 Min Read
ਮੋਰਿੰਡਾ, 17 ਅਕਤੂਬਰ: ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਾਹਿਬ ਮਲਵਿੰਦਰ ਸਿੰਘ ਕੰਗ ਵੱਲੋਂ ਮੋਰਿੰਡਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਇਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ। ਉਨ੍ਹਾਂ ਨੇ ਖਰੀਦ ਪ੍ਰਕਿਰਿਆ ਨਾਲ ਜੁੜੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਧਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਬੇਲੋੜੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਅਤੇ ਮੰਡੀ ਵਿੱਚ ਸੁਚੱਜੇ ਪ੍ਰਬੰਧ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਕਿਸਾਨ ਦਿਨ-ਰਾਤ ਮਿਹਨਤ ਕਰਕੇ ਦੇਸ਼ ਦੇ ਅੰਨ ਭੰਡਾਰ ਵਿੱਚ ਯੋਗਦਾਨ ਪਾਉਂਦੇ ਹਨ, ਇਸ ਲਈ ਉਨ੍ਹਾਂ ਦੀ ਫ਼ਸਲ ਦੀ ਖਰੀਦ, ਲਿਫ਼ਟਿੰਗ ਅਤੇ ਹੋਰ ਸਬੰਧਤ ਪ੍ਰਕਿਰਿਆਵਾਂ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਅਤੇ ਖਰੀਦ ਪ੍ਰਬੰਧਾਂ ਦੀ ਸੁਚਾਰੂ ਕਾਰਗੁਜ਼ਾਰੀ ਨੂੰ ਮਹੱਤਵਪੂਰਨ ਦੱਸਿਆ।
ਇਸ ਦੌਰੇ ਦੌਰਾਨ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਨੇ ਵੀ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਮੰਡੀ ਵਿੱਚ ਖਰੀਦ ਪ੍ਰਬੰਧਾਂ ਸਬੰਧੀ ਜਾਣਕਾਰੀ ਲਈ ਅਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਢੁੱਕਵੇਂ ਹੱਲ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦਣ ਦੇ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਸੁਚਾਰੂ ਪ੍ਰਬੰਧ, ਸਮੇਂ ਸਿਰ ਖਰੀਦ ਅਤੇ ਲੋੜੀਂਦੀਆਂ ਸਹੂਲਤਾਂ ਮਿਲਣੀਆਂ ਯਕੀਨੀ ਬਣਾਈਆਂ ਜਾਣੀਆਂ ਚਾਹੀਦੀਆਂ ਹਨ। ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਧਿਰਾਂ ਨਾਲ ਤਾਲਮੇਲ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਇਸ ਮੌਕੇ ਆੜ੍ਹਤੀ ਸ੍ਰੀ ਪਰਮਿੰਦਰ ਸਿੰਘ, ਸ੍ਰੀ ਜੁਝਾਰ ਸਿੰਘ ਮਾਵੀ, ਸ੍ਰੀ ਮਨਦੀਪ ਰੌਣੀ, ਸ੍ਰੀ ਗੁਰਮੇਲ ਸਿੰਘ ਰੰਗੀ, ਸ੍ਰੀ ਗੁਰਮੀਤ ਸਿੰਘ ਸਿੱਧੂ, ਸ੍ਰੀ ਸਰਬਜਿੰਦਰ ਸਿੰਘ, ਸ੍ਰੀ ਜਗਵੀਰ ਸਿੰਘ ਰਾਣਾ, ਸ੍ਰੀ ਹਰੀਸ਼ ਸ਼ਰਮਾ, ਚੇਅਰਮੈਨ ਸ੍ਰੀ ਸੁਖਜਿੰਦਰ ਸਿੰਘ ਸੋਹੀ, ਸ੍ਰੀ ਰਣਬੀਰ ਸਿੰਘ ਔਜਲਾ, ਸ੍ਰੀ ਗੁਰਪ੍ਰੀਤ ਸਿੰਘ ਫ਼ੌਜੀ, ਸ੍ਰੀ ਸਤਨਾਮ ਸਿੰਘ ਸੋਹੀ, ਸ੍ਰੀ ਕੇਸਰ ਸਿੰਘ ਸਮਾਣਾ, ਚੇਅਰਮੈਨ ਸ੍ਰੀ ਐੱਨ.ਪੀ. ਰਾਣਾ ਅਤੇ ਕਿਸਾਨ ਆਗੂ ਸ੍ਰੀ ਦਲਜੀਤ ਸਿੰਘ ਚਲਾਕੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Share This Article
Leave a comment

Leave a Reply

Your email address will not be published. Required fields are marked *