ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਸ਼ਾਨਦਾਰ ਸ਼ੁਰੂਆਤ

Jiya Nagpal
2 Min Read

ਧੂਰੀ, 22 ਅਕਤੂਬਰ: ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੀ ਅੱਜ ਦੇਸ਼ ਭਗਤ ਕਾਲਜ, ਬਰੜਵਾਲ, ਧੂਰੀ ਵਿਖੇ ਸ਼ਾਨਦਾਰ ਸ਼ੁਰੂਆਤ ਹੋਈ। 22 ਤੋਂ 25 ਅਕਤੂਬਰ ਤੱਕ ਚੱਲਣ ਵਾਲੇ ਇਸ ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਕਲਾ ਦੇ ਪ੍ਰਦਰਸ਼ਨ ਲਈ ਮੰਚ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲੈਣਾ ਵੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ, ਲੋਕ ਕਲਾਵਾਂ, ਗੀਤ-ਸੰਗੀਤ ਅਤੇ ਰਵਾਇਤੀ ਕਲਾਵਾਂ ਸਾਡੀ ਸੱਭਿਆਚਾਰਕ ਪਛਾਣ ਦਾ ਅਨਿੱਖੜਵਾਂ ਅੰਗ ਹਨ। ਅਜਿਹੇ ਮੇਲੇ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੇ ਨਾਲ-ਨਾਲ ਆਪਣੀ ਵਿਰਾਸਤ ਨੂੰ ਸੰਭਾਲਣ ਅਤੇ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਉਤਸ਼ਾਹ ਨਾਲ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਵੀਰ ਸਿੰਘ, ਚੇਅਰਮੈਨ ਬਲਵੰਤ ਸਿੰਘ ਮੀਮਸਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਟਰੇਡ ਵਿੰਗ ਧੂਰੀ ਹਲਕੇ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮ੍ਰਿਤਪਾਲ ਸਿੰਘ, ਸੋਨੀ ਮੰਡੇਰ, ਜਗਤਾਰ ਸਿੰਘ ਬਾਗੜੀ ਅਤੇ ਟਰੱਸਟ ਦੇ ਹੋਰ ਮੈਂਬਰ ਹਾਜ਼ਰ ਸਨ।

ਚਾਰ ਦਿਨ ਚੱਲਣ ਵਾਲੇ ਇਸ ਮੇਲੇ ਦੌਰਾਨ ਵਿਦਿਆਰਥੀ ਵੱਖ-ਵੱਖ ਕਲਾਤਮਕ, ਸਾਹਿਤਕ ਅਤੇ ਸੱਭਿਆਚਾਰਕ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਇਹ ਮੇਲਾ ਵਿਦਿਆਰਥੀਆਂ ਵਿੱਚ ਰਚਨਾਤਮਕਤਾ, ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਵਿੱਚ ਵੀ ਸਹਾਈ ਹੋਵੇਗਾ।

Share This Article
Leave a comment

Leave a Reply

Your email address will not be published. Required fields are marked *