ਐਸ.ਡੀ.ਐਮ ਪੱਟੀ ਵੱਲੋਂ ਖੇਤੀਬਾੜੀ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ

Jiya Nagpal
2 Min Read

ਪੱਟੀ/ਤਰਨ ਤਾਰਨ, 25 ਅਕਤੂਬਰ :          ਐਸ.ਡੀ.ਐਮ ਪੱਟੀ ਅਮਨਦੀਪ ਵੱਲੋਂ ਬਲਾਕ ਪੱਟੀ ਅਤੇ ਵਲਟੋਹਾ ਦੇ ਖੇਤੀਬਾੜੀ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ) ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਅਮਨਦੀਪ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੂਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਜ਼ਮੀਨ ਦੇ ਰਕਬੇ ਅਨੁਸਾਰ ਵਾਤਾਵਰਣ ਮੁਆਵਜ਼ਾ ਲਗਾਉਣ ਦੀ ਵਿਵਸਥਾ ਹੈ। ਇਸ ਲਈ ਕਿਸਾਨਾਂ ਨੂੰ ਨਿਯਮਾਂ ਅਤੇ ਜੁਰਮਾਨਿਆਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਿੱਟੀ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਇਸ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਜਾਗਰੂਕ ਕੀਤਾ ਜਾਵੇ। ਐਸ.ਡੀ.ਐਮ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵੱਖ-ਵੱਖ ਵਿਭਾਗਾਂ ਅਤੇ ਪੁਲਿਸ ਵਿਭਾਗ ਨਾਲ ਆਪਸੀ ਤਾਲਮੇਲ ਕਾਇਮ ਕਰਕੇ ਪਿੰਡ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਤੇਜ਼ ਕੀਤੀਆਂ ਜਾਣ। ਉਨ੍ਹਾਂ ਜ਼ੋਰ ਦਿੱਤਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਣ ਦੀ ਸੰਭਾਲ ਲਈ ਸਾਰੇ ਅਧਿਕਾਰੀ ਆਪਣੀ ਜ਼ਿੰਮੇਵਾਰੀ ਗੰਭੀਰਤਾ ਨਾਲ ਨਿਭਾਉਣ। ਇਸ ਮੌਕੇ ਅਵਤਾਰ ਸਿੰਘ, ਐਸ.ਡੀ.ਐਮ ਦਫ਼ਤਰ ਤੋਂ ਇਲਾਵਾ ਡਾ. ਭੁਪਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ, ਪੱਟੀ; ਡਾ. ਕਰਮਜੀਤ ਸਿੰਘ, ਏ.ਡੀ.ਓ., ਵਲਟੋਹਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *