ਅਲੀਸ਼ੇਰ ਹਾਦਸੇ ਦੇ ਪੀੜਤ ਪਰਿਵਾਰਾਂ ਦੇ ਘਰ ਪੁੱਜੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ; ਦੁੱਖ ਸਾਂਝਾ ਕੀਤਾ ਅਤੇ ਜ਼ਖ਼ਮੀਆਂ ਦਾ ਹਾਲ ਜਾਣਿਆ

Jiya Nagpal
4 Min Read
ਲਹਿਰਾਗਾਗਾ, 25 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਅਤੇ ਜ਼ਖ਼ਮੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਘਰ ਘਰ ਜਾ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ। ਇਸ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਕਰੀਬ 12 ਵਿਅਕਤੀ ਜ਼ਖ਼ਮੀ ਹੋਏ ਸਨ। ਕੈਬਨਿਟ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਰਿਵਾਰਾਂ ਨੂੰ ਇਸ ਸਦਮੇ ਵਿੱਚੋਂ ਉਭਾਰਨ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਸਰਕਾਰ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਹਾਦਸਾ ਬੇਹੱਦ ਮੰਦਭਾਗਾ ਅਤੇ ਦਿਲ ਦਹਿਲਾ ਦੇਣ ਵਾਲਾ ਸੀ। ਉਨ੍ਹਾਂ ਕਿਹਾ ਕਿ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਦੇ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਤੁਰ ਗਿਆਂ ਦੀ ਘਾਟ ਕਦੇ ਪੂਰੀ ਨਹੀਂ ਹੋ ਸਕਦੀ, ਪਰ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਰਾ ਦੇਣਾ ਅਤੇ ਉਨ੍ਹਾਂ ਦੀਆਂ ਰੋਜ਼ਮਰ੍ਹਾ ਦੀਆਂ ਲੋੜਾਂ ਦੀ ਪੂਰਤੀ ਵਿੱਚ ਮਦਦ ਕਰਨਾ ਸਰਕਾਰ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੇਘਰੇ ਅਤੇ ਲੋੜਵੰਦ ਪੀੜਤ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਮੁਹੱਈਆ ਕਰਵਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਲੋੜੀਂਦਾ ਇਲਾਜ ਅਤੇ ਬਣਦੀ ਸਹਾਇਤਾ ਮੁਹੱਈਆ ਕਰਵਾਉਣਾ ਵੀ ਸਰਕਾਰ ਦੀ ਤਰਜੀਹ ਹੈ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੀੜਤ ਪਰਿਵਾਰਾਂ ਦੀ ਮਦਦ ਨੂੰ ਕੇਵਲ ਫ਼ੌਰੀ ਵਿੱਤੀ ਸਹਾਇਤਾ ਤਕ ਸੀਮਤ ਨਹੀਂ ਰੱਖਿਆ ਜਾਵੇਗਾ। ਉਨ੍ਹਾਂ ਦੇ ਸਥਾਈ ਮੁੜ ਵਸੇਬੇ, ਰੋਜ਼ੀ-ਰੋਟੀ ਅਤੇ ਬੱਚਿਆਂ ਦੇ ਪਾਲਣ-ਪੋਸ਼ਣ ਨਾਲ ਜੁੜੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੰਗਲਾਤ ਵਿਭਾਗ ਅਤੇ ਹੋਰ ਵਿਭਾਗਾਂ ਵਿੱਚ ਰੋਜ਼ਗਾਰ ਜਾਂ ਨੌਕਰੀ ਸਬੰਧੀ ਸੰਭਾਵਨਾਵਾਂ ਬਾਰੇ ਨਿਯਮਾਂ ਅਤੇ ਯੋਗਤਾ ਅਨੁਸਾਰ ਕਾਰਵਾਈ ਲਈ ਪ੍ਰਸ਼ਾਸਨਿਕ ਪੱਧਰ ’ਤੇ ਕਾਰਵਾਈ ਜਾਰੀ ਹੈ। ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪ੍ਰਭਾਵਿਤ ਪਰਿਵਾਰਾਂ ਦੀਆਂ ਅਰਜ਼ੀਆਂ ਅਤੇ ਲੋੜੀਂਦੇ ਦਸਤਾਵੇਜ਼ਾਂ ਨਾਲ ਸਬੰਧਤ ਕਾਰਵਾਈ ਸਮੇਂ ਸਿਰ ਮੁਕੰਮਲ ਹੋਣੀ ਚਾਹੀਦੀ ਹੈ। ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ, ਗੁਆਂਢੀਆਂ ਅਤੇ ਸਥਾਨਕ ਕਮੇਟੀਆਂ ਵੱਲੋਂ ਪੀੜਤ ਪਰਿਵਾਰਾਂ ਦੀ ਕੀਤੀ ਜਾ ਰਹੀ ਮਦਦ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਇਕਜੁੱਟ ਹੋ ਕੇ ਪਰਿਵਾਰਾਂ ਦੀ ਸਾਰ ਲੈਣਾ ਅਤੇ ਭੋਗ ਸਮਾਗਮਾਂ ਦੇ ਪ੍ਰਬੰਧ ਸਾਂਝੇ ਤੌਰ ’ਤੇ ਕਰਨਾ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਇੱਕ-ਦੂਜੇ ਦੇ ਦੁੱਖ ਵਿੱਚ ਸ਼ਰੀਕ ਹੋਣ ਦੀ ਪਰੰਪਰਾ ਦਾ ਪ੍ਰਗਟਾਵਾ ਹੈ। ਘਟਨਾ ਸਬੰਧੀ ਸਿਆਸੀ ਬਿਆਨਬਾਜ਼ੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਅਜਿਹੀ ਮਨੁੱਖੀ ਤ੍ਰਾਸਦੀ ਮੌਕੇ ਸਾਰਿਆਂ ਨੂੰ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਪੇਸ਼ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਪੀੜਤ ਪਰਿਵਾਰਾਂ ਨਾਲ ਖੜ੍ਹਨ, ਉਨ੍ਹਾਂ ਦਾ ਦੁੱਖ ਵੰਡਾਉਣ ਅਤੇ ਮਦਦ ਦਾ ਹੱਥ ਵਧਾਉਣ ਦਾ ਹੈ। ਉਨ੍ਹਾਂ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਪ੍ਰਭਾਵਿਤ ਪਰਿਵਾਰਾਂ ਦੀ ਭਲਾਈ ਨੂੰ ਪਹਿਲ ਦਿੱਤੀ ਜਾਵੇ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਬਣਦੀ ਸਹਾਇਤਾ ਸਮੇਂ ਸਿਰ ਪਹੁੰਚਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ। ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ, ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਜ਼ਖ਼ਮੀਆਂ ਦੀ ਛੇਤੀ ਸਿਹਤਯਾਬੀ ਲਈ ਅਰਦਾਸ ਕੀਤੀ।
Share This Article
Leave a comment

Leave a Reply

Your email address will not be published. Required fields are marked *