ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦਾ ਸਾਧਨ: ਸੁਖਵੀਰ ਸਿੰਘ

Jiya Nagpal
2 Min Read

ਧੂਰੀ, 26 ਅਕਤੂਬਰ:  ਧੂਰੀ ਹਲਕੇ ਦੇ ਪਿੰਡ ਰੁਲਦੂ ਸਿੰਘ ਵਾਲਾ ਵਿਖੇ ਧੰਨ-ਧੰਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਹਿਲਾ ਕਬੱਡੀ ਟੂਰਨਾਮੈਂਟ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਖੇਡ ਮੇਲੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡ ਮੁਕਾਬਲਿਆਂ ਦਾ ਆਨੰਦ ਮਾਣਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਅਤੇ ਨੌਜਵਾਨ ਆਗੂ ਗਗਨ ਜਵੰਧਾ ਵੀ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ, ਸਰੀਰਕ ਤੰਦਰੁਸਤੀ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਕਬੱਡੀ ਪੰਜਾਬ ਦੀ ਅਮੀਰ ਵਿਰਾਸਤ ਅਤੇ ਪੇਂਡੂ ਸੱਭਿਆਚਾਰ ਦਾ ਅਹਿਮ ਹਿੱਸਾ ਹੈ, ਜਿਸ ਨੇ ਪੰਜਾਬ ਦੇ ਖਿਡਾਰੀਆਂ ਨੂੰ ਦੇਸ਼-ਵਿਦੇਸ਼ ਵਿੱਚ ਵਿਸ਼ੇਸ਼ ਪਛਾਣ ਦਿਵਾਈ ਹੈ। ਅਜਿਹੇ ਖੇਡ ਟੂਰਨਾਮੈਂਟ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਟੀਮ ਭਾਵਨਾ, ਮਿਹਨਤ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਨੇ ਕਿਹਾ ਕਿ ਪਿੰਡ ਪੱਧਰ ’ਤੇ ਅਜਿਹੇ ਖੇਡ ਮੇਲਿਆਂ ਦਾ ਆਯੋਜਨ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਪੇਂਡੂ ਖੇਤਰਾਂ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਸਾਧਨ ਹਨ।

ਇਹ ਖੇਡ ਮੇਲਾ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ, ਸਮੂਹ ਨਗਰ ਪੰਚਾਇਤ ਅਤੇ ਪਿੰਡ ਰੁਲਦੂ ਸਿੰਘ ਵਾਲਾ ਦੇ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ। ਪਿੰਡ ਵਾਸੀਆਂ ਅਤੇ ਖੇਡ ਪ੍ਰੇਮੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।

Share This Article
Leave a comment

Leave a Reply

Your email address will not be published. Required fields are marked *