ਐੱਮਪੀ ਮੀਤ ਹੇਅਰ ਤੇ ਮੇਅਰ ਹਸਨ ਭਾਰਦਵਾਜ ਨੇ ਰਾਮ ਰਾਜਿਆ ਕਲੋਨੀ ‘ਚ 58.90 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

Jiya Nagpal
3 Min Read

ਬਰਨਾਲਾ, 26 ਅਕਤੂਬਰ   –         ਬਰਨਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਚੱਲ ਰਹੀ ਲੜੀ ਤਹਿਤ ਰਾਮ ਰਾਜਿਆ ਕਾਲੋਨੀ ਵਿਖੇ 58 ਲੱਖ 90 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਤੇ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਵਲੋਂ ਕਰਵਾਈ ਗਈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਹਿਰਾਂ ਤੇ ਪਿੰਡਾਂ ’ਚ 50-50 ਸਾਲਾਂ ਤੋਂ ਲਟਕ ਰਹੇ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਹੈ। ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਤਾਂ ਜੋ ਆਵਾਜਾਈ ਸੁਖਾਲੀ ਹੋ ਸਕੇ। ਮੀਤ ਹੇਅਰ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਅੰਦਰ ਸੜਕਾਂ ਦੀ ਨੁਹਾਰ ਬਦਲਣ ਲਈ ਮੁੱਖ ਮੰਤਰੀ ਵਲੋਂ 250 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਜਾਰੀ ਕੀਤਾ ਗਿਆ ਹੈ ਜਦਕਿ ਇਲਾਕੇ ਦੇ ਛੱਪੜਾਂ ਦੇ ਨਵੀਨੀਕਰਨ ਲਈ 35 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਹਸਪਤਾਲਾਂ ਤੇ ਸਕੂਲਾਂ ਦੇ ਸੁਧਾਰ ਲਈ ਗ੍ਰਾਂਟ ’ਚ 60 ਫੀਸਦੀ ਦਾ ਵੱਡਾ ਵਾਧਾ ਕੀਤਾ ਗਿਆ ਹੈ। ਆਪਣੇ ਖੇਡ ਮੰਤਰੀ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡ ਮੈਦਾਨਾਂ ਨਾਲ ਜੋੜਨ ਲਈ ਖੇਡ ਬਜਟ 147 ਕਰੋੜ ਰੁਪਏ ਤੋਂ ਵਧਾ ਕੇ 1800 ਕਰੋੜ ਰੁਪਏ ਕੀਤਾ ਗਿਆ ਸੀ।

ਇਸ ਮੌਕੇ ਨਗਰ ਨਿਗਮ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਸ਼ਹਿਰ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਬਰਨਾਲਾ ਹਲਕੇ ਅੰਦਰ 125 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਸ ਤਹਿਤ ਸਦਰ ਬਾਜ਼ਾਰ, ਪੱਕਾ ਕਾਲਜ ਰੋਡ, ਕੱਚਾ ਕਾਲਜ ਰੋਡ, ਰਾਮ ਬਾਗ ਰੋਡ ਵਰਗੇ ਮੁੱਖ ਮਾਰਗਾਂ ਦੀ ਕਾਇਆ-ਕਲਪ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐੱਮਪੀ ਮੀਤ ਹੇਅਰ ਦੇ ਅਣਥੱਕ ਯਤਨਾਂ ਸਦਕਾ ਹੀ ਬਰਨਾਲਾ ਨੂੰ ਨਗਰ ਨਿਗਮ ਦਾ ਦਰਜਾ ਪ੍ਰਾਪਤ ਹੋਇਆ ਹੈ। ਮੇਅਰ ਨੇ ਦੱਸਿਆ ਕਿ 25 ਕਰੋੜ ਰੁਪਏ ਦੇ ਹੋਰ ਵਿਕਾਸ ਕਾਰਜਾਂ ਦੇ ਟੈਂਡਰ ਖੁੱਲ੍ਹ ਚੁੱਕੇ ਹਨ ਜਿਨ੍ਹਾਂ ਦਾ ਕੰਮ ਇਸੇ ਹਫਤੇ ਸ਼ੁਰੂ ਕਰ ਦਿੱਤਾ ਜਾਵੇਗਾ।   ਇਸ ਤੋਂ ਇਲਾਵਾ ਸ਼ਹਿਰ ਦੇ ਸਾਰੇ 50 ਵਾਰਡਾਂ ’ਚ ਕੌਂਸਲਰਾਂ ਦੀ ਮੰਗ ਅਨੁਸਾਰ ਸਟ੍ਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਇਸ ਮੌਕੇ ਰਾਮ ਰਾਜਿਆ ਕਾਲੋਨੀ ਦੇ ਵਾਸੀ ਸ਼ਿਵ ਸਿੰਗਲਾ ਨੇ ਸੰਸਦ ਮੈਂਬਰ ਮੀਤ ਹੇਅਰ ਤੇ ਮੇਅਰ ਹਸਨਪ੍ਰੀਤ ਭਾਰਦਵਾਜ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਇਸ ਕਾਲੋਨੀ ’ਚ ਰਹਿ ਰਹੇ ਹਨ ਤੇ ਲਗਾਤਾਰ ਖਸਤਾਹਾਲ ਸੜਕਾਂ ਦੀ ਸਮੱਸਿਆ ਨਾਲ ਜੂਝ ਰਹੇ ਸਨ।

ਉਨ੍ਹਾਂ ਕੌਂਸਲਰ ਸੁਖਜੀਤ ਕੌਰ ਸੁੱਖੀ ਤੇ ਕੌਂਸਲਰ ਗੁਰਜੀਤ ਸਿੰਘ ਰਾਮਨਵਾਸੀਆਂ ਦੇ ਯਤਨਾਂ ਲਈ ਉਹਨਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਰੋਹਿਤ ਓਸ਼ੋ, ਰਾਜੇਸ਼ ਭੁਟਾਨੀ, ਰਾਮ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *