ਨੰਗਲ 31 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਕਲਿਤਰਾ ਤੋਂ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਪਿੰਡ ਦੇ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਬੱਸ ਰਵਾਨਾ ਕਰਨ ਸਮੇਂ ਕੈਬਨਿਟ ਮੰਤਰੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੁਖਦ ਤੇ ਸੁਰੱਖਿਅਤ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਉਪਰਾਲਾ ਕੀਤਾ ਗਿਆ ਹੈ, ਤਾਂ ਜੋ ਹਰ ਵਰਗ ਦੇ ਲੋਕ ਆਪਣੇ ਮਨਪਸੰਦ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ।
ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੂਬੇ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਉਪਰਾਲਾ ਹੈ। ਇਸ ਯੋਜਨਾ ਦਾ ਮੁੱਖ ਮਕਸਦ ਉਨ੍ਹਾਂ ਸ਼ਰਧਾਲੂਆਂ ਨੂੰ ਧਾਰਮਿਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ, ਜੋ ਕਿਸੇ ਕਾਰਨ ਕਰਕੇ ਆਪਣੇ ਪੱਧਰ ’ਤੇ ਦੂਰ-ਦੁਰਾਡੇ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਅਸਮਰੱਥ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਅਤੇ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਯਤਨ ਹੈ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਮਿਲੇ।
ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਸ਼ਰਧਾਲੂਆਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਿਆ ਜਾ ਰਿਹਾ ਹੈ। ਇਸ ਨਾਲ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਆਪਣੇ ਧਾਰਮਿਕ ਵਿਸ਼ਵਾਸਾਂ ਅਨੁਸਾਰ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਸ ਯੋਜਨਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਸਦਕਾ ਉਨ੍ਹਾਂ ਦੀ ਲੰਮੇ ਸਮੇਂ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਹੋ ਰਹੀ ਹੈ। ਉਨ੍ਹਾਂ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਚੰਨਣ ਸਿੰਘ ਪੰਮੂ ਢਿੱਲੋਂ, ਨਰੇਸ਼ ਕੁਮਾਰ, ਸਰਬਣ ਸਿੰਘ ਸਾਬਕਾ ਸਰਪੰਚ, ਦੀਪ ਸਿੰਘ ਐਸ.ਡੀ.ਓ., ਨੀਲਮ ਰਾਣੀ, ਗੁਰਮੀਤ ਸਿੰਘ ਪੰਚ, ਹੁਕਮ ਚੰਦ ਅਤੇ ਪਿੰਡ ਵਾਸੀ ਹਾਜ਼ਰ ਸਨ।
—
