ਮੀਆਂਪੁਰ ਹੰਡੂਰ ਵਿੱਚ ਤਿਆਰ ਕਮਿਊਨਿਟੀ ਸੈਂਟਰ ਦਾ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤਾ ਉਦਘਾਟਨ

Jiya Nagpal
4 Min Read

ਕੀਰਤਪੁਰ ਸਾਹਿਬ 06 ਨਵੰਬਰ: ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਮੀਆਂਪੁਰ ਹੰਡੂਰ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਕਮਿਊਨਿਟੀ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਸਹੂਲਤ ਨਾਲ ਪਿੰਡ ਵਾਸੀਆਂ ਨੂੰ ਆਪਣੇ ਸਮਾਜਿਕ, ਧਾਰਮਿਕ ਅਤੇ ਸਾਂਝੇ ਸਮਾਗਮ ਕਰਵਾਉਣ ਲਈ ਇੱਕ ਸਾਂਝੀ ਥਾਂ ਉਪਲੱਬਧ ਹੋਵੇਗੀ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਸਿਰਫ਼ ਸੜਕਾਂ ਅਤੇ ਇਮਾਰਤਾਂ ਦੀ ਉਸਾਰੀ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੀਆਂ ਸਹੂਲਤਾਂ ਦਾ ਨਿਰਮਾਣ ਵੀ ਜ਼ਰੂਰੀ ਹੈ, ਜਿਨ੍ਹਾਂ ਦਾ ਲਾਭ ਸਮੁੱਚੇ ਪਿੰਡ ਨੂੰ ਮਿਲ ਸਕੇ। ਉਨ੍ਹਾਂ ਕਿਹਾ ਕਿ ਕਮਿਊਨਿਟੀ ਸੈਂਟਰ ਪਿੰਡ ਦੇ ਲੋਕਾਂ ਲਈ ਸਾਂਝੀ ਥਾਂ ਵਜੋਂ ਕੰਮ ਕਰੇਗਾ, ਜਿੱਥੇ ਵੱਖ-ਵੱਖ ਸਮਾਜਿਕ ਅਤੇ ਭਾਈਚਾਰਕ ਗਤੀਵਿਧੀਆਂ ਆਸਾਨੀ ਨਾਲ ਕਰਵਾਈਆਂ ਜਾ ਸਕਣਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੇ ਬਰਾਬਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀ ਮੰਗ ਅਤੇ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਸਮੇਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰੀ ਫੰਡਾਂ ਦੀ ਵਰਤੋਂ ਲੋਕਾਂ ਦੀ ਭਲਾਈ ਅਤੇ ਸਾਂਝੀਆਂ ਸਹੂਲਤਾਂ ਦੇ ਨਿਰਮਾਣ ਲਈ ਕੀਤੀ ਜਾਵੇ, ਤਾਂ ਜੋ ਹਰ ਵਰਗ ਦੇ ਲੋਕ ਇਨ੍ਹਾਂ ਦਾ ਲਾਭ ਲੈ ਸਕਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਵੀ ਮਹੱਤਵ ਦਿੱਤਾ ਜਾ ਰਿਹਾ ਹੈ। ਪਿੰਡਾਂ ਵਿੱਚ ਕਮਿਊਨਿਟੀ ਸੈਂਟਰਾਂ ਵਰਗੀਆਂ ਸਹੂਲਤਾਂ ਦਾ ਨਿਰਮਾਣ ਲੋਕਾਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰਦਾ ਹੈ ਅਤੇ ਇਸ ਨਾਲ ਪਿੰਡਾਂ ਦੀ ਸਮਾਜਿਕ ਜ਼ਿੰਦਗੀ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਇਸ ਨਵੇਂ ਬਣੇ ਕਮਿਊਨਿਟੀ ਸੈਂਟਰ ਦੀ ਸਾਂਭ-ਸੰਭਾਲ ਕਰਨ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵਸਨੀਕਾਂ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਮਿਊਨਿਟੀ ਸੈਂਟਰ ਬਣਨ ਨਾਲ ਪਿੰਡ ਦੀ ਲੰਮੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸਾਂਝੀ ਸਹੂਲਤ ਦੀ ਲੋੜ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਪਿੰਡ ਦੇ ਲੋਕਾਂ ਨੂੰ ਵੱਖ-ਵੱਖ ਸਮਾਜਿਕ ਅਤੇ ਭਾਈਚਾਰਕ ਸਮਾਗਮਾਂ ਲਈ ਇੱਕ ਉਚਿਤ ਸਥਾਨ ਮਿਲੇਗਾ। ਕਮਿਊਨਿਟੀ ਸੈਂਟਰ ਦਾ ਉਦਘਾਟਨ ਪਿੰਡ ਦੇ ਵਿਕਾਸ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗਾ।
ਇਸ ਮੌਕੇ ਕਮਿੱਕਰ ਸਿੰਘ ਡਾਢੀ ਮੈਂਬਰ ਐਸ.ਸੀ ਕਮਿਸ਼ਨ ਪੰਜਾਬ, ਗੁਰਪ੍ਰੀਤ ਸਿੰਘ ਅਰੋੜਾ ਚੇਅਰਮੇਨ ਟਰੇਡ ਵਿੰਗ, ਸੋਹਣ ਸਿੰਘ, ਜਸਪਾਲ ਕੌਰ ਪ੍ਰਧਾਨ ਮਹਿਲਾ ਮੰਡਲ, ਬਲਵੀਰ ਸਿੰਘ ਸਰਪੰਚ, ਕੁਲਵਿੰਦਰ ਸਿੰਘ, ਹਰਜੀਤ ਕੌਰ, ਐਲਮੇ, ਸੰਤੋਖ ਸਿੰਘ ਕੈਂਪਟਨ, ਗੁਰਚੈਨ ਸਿੰਘ ਬੂਥ ਇੰਚਾਰਜ, ਅਮਰੀਕ ਸਿੰਘ, ਹਰਜਿੰਦਰ ਸਿੰਘ, ਤਰਸੇਮ ਸਿੰਘ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Share This Article
Leave a comment

Leave a Reply

Your email address will not be published. Required fields are marked *